ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਕਰ ਰਹੀ ਸਰਵਪੱਖੀ ਵਿਕਾਸ : ਸੁੰਦਰ ਸ਼ਾਮ ਅਰੋੜਾ
ਹੁਸ਼ਿਆਰਪੁਰ, 7 ਜੂਨ: ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ ਅਤੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸਾਰੀਆਂ ਬੁਨਿਆਦੀ ਸੁਵਿਧਾਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹ ਪਿੰਡ ਬਜਵਾੜਾ ਵਿੱਚ ਸਮਾਰਟ ਵਿਲੇਜ ਸਕੀਮ ਤਹਿਤ 68 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਵਿੱਚ 20 ਲੱਖ ਰੁਪਏ ਦੇ ਹੋਰ ਵਿਕਾਸ ਕੰਮਾਂ ਦੀ ਸੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਬਜਵਾੜਾ ਵਿੱਚ 68 ਲੱਖ ਰੁਪਏ ਦੀ ਰਾਸ਼ੀ ਨਾਲ ਗੰਦੇ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਦਾ ਕੰਮ ਕਰਵਾਇਆ ਗਿਆ ਸੀ ਅਤੇ ਹੁਣ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਨਾਲੇ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬਜਵਾੜੇ ਵਿੱਚ ਵੱਖ-ਵੱਖ ਵਿਕਾਸ ਦੇ ਕੰਮ ਕਰਵਾਏ ਗਏ ਹਨ ਅਤੇ ਭਵਿੱਖ ਵਿੱਚ ਵੀ ਕੰਮ ਇਸ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਲਈ ਬੇਹਤਰੀਨ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਰਗਾਂ ਨੂੰ ਇਕਸਾਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਸਰਕਾਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੇਗੀ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਿਕਾਰਡਤੋੜ ਵਿਕਾਸ ਦੇ ਕੰਮ ਕਰਵਾਏ ਹਨ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਚਿਤ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜਿਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਬੀ.ਡੀ.ਪੀ.ਓ. ਅਭੇ ਚੰਦ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਪ੍ਰੀਤੀ ਬੈਂਸ, ਸਾਬਕਾ ਸਰਪੰਚ ਰਾਮ ਲਾਲ ਬੈਂਸ, ਜੈ ਪਾਲ, ਪੰਚ ਹਰਜੀਤ ਸਿੰਘ, ਪੰਚ ਸਮਰਿਤੀ, ਸੰਤ ਰਾਜੇਸ਼ ਦਾਸ, ਪੰਚ ਰੀਨਾ, ਮਹੇਸ਼ ਕੁਮਾਰ, ਤੇਲੂ ਰਾਮ, ਪੰਚ ਸੁਰਿੰਦਰ ਕੁਮਾਰ, ਬਲਵਿੰਦਰ ਕੁਮਾਰ ਬਿੰਦੀ, ਰਾਜੇਸ਼ ਕੁਮਾਰ, ਪੰਚ ਦਲਜਿੰਦਰ, ਦੀਪ ਭੱਟੀ, ਸਰਪੰਚ ਕੁਲਦੀਪ ਅਰੋੜਾ, ਮਨਮੋਹਨ ਸਿੰਘ ਕਪੂਰ, ਰਾਹੁਲ ਗੋਹਿਲ ਆਦਿ ਵੀ ਮੌਜੂਦ ਸਨ।