ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਭੜੋ ’ਚ ਪੰਚਾਇਤ ਘਰ ਤੇ ਆਲੋਅਰਖ ’ਚ ਵਾਟਰ ਵਰਕਸ ਦਾ ਕੀਤਾ ਉਦਘਾਟਨ
ਸੰਗਰੂਰ ਹਲਕੇ ਦੇ ਪਿੰਡਾਂ ’ਚ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣੀ ਮੇਰਾ ਮੁੱਢਲਾ ਫ਼ਰਜ਼: ਵਿਜੈ ਇੰਦਰ ਸਿੰਗਲਾ
ਭਵਾਨੀਗੜ/ਸੰਗਰੂਰ, 30 ਜੂਨ 2021: ਸੰਗਰੂਰ ਹਲਕੇ ਦੇ ਹਰ ਪਿੰਡ ’ਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੇਰਾ ਮੁੱਢਲਾ ਫ਼ਰਜ਼ ਹੈ ਅਤੇ ਸਮਾਜ ਭਲਾਈ ਜਾਂ ਪਿੰਡਾਂ ’ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ ਕਿਸੇ ਵੀ ਪੱਧਰ ’ਤੇ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਭੜੋ ਤੇ ਆਲੋਅਰਖ ਵਿਖੇ ਵਿਕਾਸ ਕੰਮਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਅੱਜ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਪਿੰਡ ਭੜੋ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਪੰਚਾਇਤ ਘਰ ਅਤੇ ਪਿੰਡ ਦੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ। ਇਸਦੇ ਨਾਲ ਹੀ ਸ਼੍ਰੀ ਸਿੰਗਲਾ ਨੇ ਅੱਜ ਪਿੰਡ ਆਲੋਅਰਖ ਵਿਖੇ 63 ਲੱਖ ਤੋਂ ਵਧੇਰੇ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਵੀ ਉਦਘਾਟਨ ਕੀਤਾ।
ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਪਿੰਡਾਂ ’ਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾ ਕੇ ਸਮੇਂ ਸਿਰ ਨੇਪਰੇ ਚੜਾਉਣੇ ਉਹ ਖ਼ੁਦ ਯਕੀਨੀ ਬਣਾਉਦੇ ਹਨ। ਉਨਾਂ ਕਿਹਾ ਕਿ ਚੱਲ ਰਹੇ ਕੰਮਾਂ ਦੇ ਕੰਮ ਦੀ ਕੁਆਲਿਟੀ ਦੇ ਨਾਲ-ਨਾਲ ਪ੍ਰਗਤੀ ਰਿਪੋਰਟ ਰੋਜ਼ਾਨਾ ਪੱਧਰ ’ਤੇ ਵਾਚਣ ਤੋਂ ਇਲਾਵਾ ਉਹ ਇਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੀ ਗ੍ਰਾਂਟ ਦਾ ਪ੍ਰਬੰਧ ਵੀ ਯਕੀਨੀ ਬਣਾਉਦੇ ਹਨ। ਉਨਾਂ ਕਿਹਾ ਕਿ ਸੰਗਰੂਰ ਹਲਕੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਪੁਰਾਣੀਆਂ ਸੜਕਾਂ ਦੀ ਮੁਰੰਮਤ ਤੋਂ ਇਲਾਵਾ ਹਰ ਇਲਾਕੇ ’ਚ ਨਵੀਂਆਂ ਸੜਕਾਂ ਬਣਵਾਈਆਂ ਗਈਆਂ ਹਨ ਜੋ ਕਿ ਪਿੰਡਾਂ ਦੀ ਸ਼ਹਿਰਾਂ ਤੇ ਹੋਰ ਸੁਵਿਧਾਵਾਂ ਤੱਕ ਪਹੁੰਚ ਨੂੰ ਸੁਖਾਲਾ ਬਣਾਉਣ ’ਚ ਸਹਾਈ ਹੋ ਰਹੀਆਂ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਪਿੰਡ ਦੇ ਸਕੂਲ, ਸਿਹਤ ਕੇਂਦਰ, ਛੱਪੜ ਤੇ ਗਲੀਆਂ-ਨਾਲੀਆਂ ਆਦਿ ਦੀ ਵੀ ਦਸ਼ਾ ਸੁਧਾਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਰਹਿਣ ਸਹਿਣ ਲਈ ਚੰਗੇਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।
ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਸਾਰੇ ਪਿੰਡਾਂ ’ਚ 58 ਜਲ ਸਪਲਾਈ ਸਕੀਮਾਂ ਰਾਹੀਂ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਘਰ ’ਚ ਸਾਫ਼ ਪੀਣਯੋਗ ਪਾਣੀ ਉਪਲਬਧ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇਸ ਲਈ ਪਿੰਡਾਂ ’ਚ ਵੱਧ ਤੋਂ ਵੱਧ ਨਵੀਂਆਂ ਜਲ ਸਪਲਾਈ ਸਕੀਮਾਂ ਬਣਾਉਣ ਦੀ ਯੋਜਨਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਐਕਸੀਅਨ ਜਲ ਸਪਲਾਈ ਜਸਪ੍ਰੀਤ ਕੌਰ, ਐਸ.ਡੀ.ਓ. ਗੁਰਇਕਬਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਭਵਾਨੀਗੜ ਵਰਿੰਦਰ ਪੰਨਵਾ, ਜਗਤਾਰ ਨਮਾਦਾ, ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਕਾਂਗਰਸੀ ਵਰਕਰ ਹਾਜ਼ਰ ਸਨ।