ਕੋਰੋਨਾ ਵਾਇਰਸ ਉੱਪਰ ਫ਼ਤਹਿ ਪਾਉਣ ਲਈ ਬਟਾਲਾ ਦੇ ਨੌਜਵਾਨ ਜਸਬੀਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ
ਬਟਾਲਾ, 19 ਜੁਲਾਈ 2021 : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਵਿੱਚ ਬਟਾਲਾ ਦਾ ਨੌਜਵਾਨ ਜਸਬੀਰ ਸਿੰਘ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ। ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਬਤੌਰ ਕੈਮੀਕਲ ਲੈਕਚਰਾਰ ਵਜੋਂ ਸੇਵਾਵਾਂ ਨਿਭਾ ਰਹੇ ਜਸਬੀਰ ਸਿੰਘ ਨੇ ਕੋਵਿਡ-19 ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਇਨਾਂ ਕੋਸ਼ਿਸ਼ਾਂ ਸਦਕਾ ਹੀ ਉਹ ਮਿਸ਼ਨ ਫ਼ਤਹਿ ਤਹਿਤ ਸੋਨ ਤਮਗਾ ਜਿੱਤ ਚੁੱਕਾ ਹੈ।
ਜਸਬੀਰ ਸਿੰਘ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ ਦੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਜਸਬੀਰ ਸਿੰਘ ਸੈਕਟਰ ਅਫ਼ਸਰ ਵੱਜੋਂ ਆਪਣੀ ਟੀਮ ਨਾਲ ਭੰਡਾਰੀ ਮੁਹੱਲਾ, ਠਠਿਆਰੀ ਮੁਹੱਲਾ, ਓਹਰੀ ਮੁਹੱਲਾ ਇਲਾਕੇ ਦੇ ਵਸਨੀਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਜਸਬੀਰ ਸਿੰਘ ਉਪਰੋਕਤ ਇਲਾਕਿਆਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਬਹੁਤ ਸਾਰੇ ਲੋਕ ਵੈਕਸੀਨ ਲਗਵਾ ਚੁੱਕੇ ਹਨ।
ਜਸਬੀਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵੈਕਸੀਨ ਲਗਵਾਉਣ ਲਈ ਜਾਗਰੂਕ ਕਰਦਿਆਂ ਇਸ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਦੂਸਰੇ ਵਿਅਕਤੀਆਂ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ। ਜਨਤਕ ਥਾਵਾਂ ਉੱਪਰ ਨਾ ਥੱੁਕਿਆ ਜਾਵੇ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ਼ ਕੀਤਾ ਜਾਵੇ। ਜਸਬੀਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਸਾਵਧਾਨੀਆਂ ਵਰਤ ਕੇ ਇਸਤੋਂ ਬਚਿਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਵਿੱਚ ਜਰਾ ਜਿਨੀ ਵੀ ਢਿੱਲ-ਮੱਠ ਨਾ ਵਰਤਣ।