ਕੋਰੋਨਾ ਵਾਇਰਸ ਦੇ ਨਾਲ ਲੋਕ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਵੀ ਸਾਵਧਾਨੀਆਂ ਵਰਤਣ – ਐੱਸ.ਐੱਮ.ਓ. ਡਾ. ਹਰਪਾਲ ਸਿੰਘ
ਬਟਾਲਾ, 28 ਜੂਨ (2021) – ਅਗਲੇ ਮਹੀਨੇ ਸ਼ੁਰੂ ਹੋ ਰਹੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਵੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਹਰ ਕਿਸੇ ਨੂੰ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਕੋਰੋਨਾ ਕਾਲ ਦੌਰਾਨ ਇੱਕ ਹੋਰ ਬਿਮਾਰੀ ਦਾ ਫੈਲਣਾ ਖਤਰਨਾਕ ਹੋ ਸਕਦਾ ਹੈ।
ਡਾ. ਹਰਪਾਲ ਸਿੰਘ ਨੇ ਕਿਹਾ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਡੇਂਗੂ ਅਤੇ ਮਲੇਰੀਆ ਦੇ ਮੱਛਰਾਂ ਨੂੰ ਪਨਪਣ ਤੋਂ ਰੋਕਣ ਲਈ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਦੇ ਕੂਲਰਾਂ, ਫਰਿਜਾਂ ਦੀਆਂ ਟਰੇਆਂ, ਕੋਠੇ ਉੱਪਰ ਪਏ ਟਾਇਰਾਂ, ਗਮਲਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦੇਣ ਅਤੇ ਹਰ ਸ਼ੁਕਰਵਾਰ ਨੂੰ ਇਨਾਂ ਸਾਰੀਆਂ ਵਸਤਾਂ ਵਿਚੋਂ ਪਾਣੀ ਕੱਢ ਕੇ ਡਰਾਈ ਡੇਅ ਮਨਾਇਆ ਜਾਵੇ। ਉਨਾਂ ਕਿਹਾ ਕਿ ਡੇਂਗੂ ਦਾ ਮੱਛਰ 7 ਦਿਨਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਹਰ ਹਫਤੇ ਇੱਕ ਦਿਨ ਪਾਣੀ ਨੂੰ ਸੁਕਾ ਕੇ ਅਸੀਂ ਡੇਂਗੂ ਮੱਛਰ ਤੋਂ ਬਚ ਸਕਦੇ ਹਾਂ।
ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਕਿਹਾ ਕਿ ਥੋੜੀ ਜਿਹੀ ਸਾਵਧਾਨੀ ਨਾਲ ਅਸੀਂ ਡੇਂਗੂ ਦੇ ਮੱਛਰ ਦਾ ਪਨਪਣਾ ਰੋਕ ਸਕਦੇ ਹਾਂ। ਉਨ੍ਹਾਂ ਕਿਹਾ ਕਿ ਡੇਂਗੂ ਦਾ ਬੁਖਾਰ ਘਾਤਕ ਸਿੱਧ ਹੁੰਦਾ ਹੈ ਅਤੇ ਕਈ ਵਾਰ ਨਾਲ ਇਸ ਨਾਲ ਜਾਨ ਵੀ ਚਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਾਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਓਥੇ ਸਾਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਵੀ ਸੁਚੇਤ ਰਹਿਣਾ ਚਾਹੀਦਾ ਹੈ।