ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਤੇ ਅਸਰਦਾਰ ਹੈ – ਡਿਪਟੀ ਕਮਿਸ਼ਨਰ
ਬਟਾਲਾ, 28 ਜੂਨ (2021) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਲਗਾਈਆਂ ਜਾ ਰਹੀਆਂ ਦੋਵੇਂ ਵੈਕਸੀਨ ਕੋਵੀਸ਼ੀਲਡ ਅਤੇ ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਤੇ ਅਸਰਦਾਰ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵੈਕਸੀਨ ਦਾ ਸਟਾਕ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ ਅਤੇ ਵੈਕਸੀਨ ਲਗਵਾਉਣ ਵਾਲੇ ਵਿਅਕਤੀਆਂ ਨੂੰ ਕੋਵੈਕਸੀਨ ਲਗਵਾਉਣ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਦੀ ਦੂਸਰੀ ਡੋਜ਼ ਵੀ 28 ਦਿਨਾਂ ਬਾਅਦ ਲੱਗ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਮਾਹਿਰਾਂ ਅਨੁਸਾਰ ਕੋਵੈਕਸੀਨ ਦਾ ਅਸਰ ਕੋਵੀਸ਼ੀਲਡ ਨਾਲੋਂ ਵੀ ਵੱਧ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਵਿੱਚ ਇਹ ਬਹੁਤ ਕਾਰਗਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮਾਹਰ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਹੋਰ ਵੀ ਖਤਰਨਾਕ ਸਾਬਤ ਹੋ ਸਕਦੀ ਹੈ ਅਤੇ ਇਸਤੋਂ ਬਚਾਅ ਲਈ ਵੈਕਸੀਨੇਸ਼ਨ ਬਹੁਤ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਅਤੇ ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਵਿਡ-19 ਤੋਂ ਬਚਣ ਸਬੰਧੀ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਮਾਸਕ ਜਰੂਰ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੀ ਜਾਵੇ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਜਾਂ ਸੈਨੇਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਅਤੇ ਵੈਕਸੀਨ ਲਗਵਾ ਕੇ ਇਸ ਮਹਾਂਮਾਰੀ ਤੋਂ ਬਣਿਆ ਜਾ ਸਕਦਾ ਹੈ।