ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਗੰਨੇ ਦੀ ਫਸਲ ਦਾ ਲਿਆ ਗਿਆ ਜਾਇਜ਼ਾ
ਵਧਦੇ ਤਾਪਮਾਨ ਕਾਰਨ ਗੰਨੇ ਦੀ ਫ਼ਸਲ ਨੂੰ ਲੋੜ ਮੁਤਾਬਕ ਪਾਣੀ ਦੇਣਾ ਹੈ ਜਰੂਰੀ: ਡਾ. ਅਮਰੀਕ ਸਿੰਘ
(ਬਟਾਲਾ) ਜੂਨ 1,2021 – ਗੰਨੇ ਦੀ ਮੂਢੀ ਅਤੇ ਬੀਜੜ ਫਸਲ ਨੂੰ ਗਰਮੀ ਤੋਂ ਬਚਾਉਣ ਲਈ 7-12 ਦਿਨਾਂ ਦੇ ਵਕਫੇ ਤੇ ਪਾਣੀ ਦੇਣਾ ਚਾਹੀਦਾ ਹੈ ਅਤੇ ਯੂਰੀਆ ਦੀ ਦੂਜੀ ਕਿਸ਼ਤ 65 ਕਿਲੋ ਪ੍ਰਤੀ ਏਕੜ ਨੂੰ ਕਤਾਰਾਂ ਦੇ ਨਾਲ – ਨਾਲ ਪਾਣੀ ਦੇਣਾ ਲਾਜ਼ਮੀ ਹੈ। ਇਹ ਜਾਣਕਾਰੀ ਸਹਾਇਕ ਗੰਨਾ ਵਿਕਾਸ ਦੇ ਅਫਸਰ ਡਾ. ਅਮਰੀਕ ਸਿੰਘ ਨੇ ਤਹਿਸੀਲ ਬਟਾਲਾ ਦੇ ਪਿੰਡ ਕੀੜੀ ਵਿੱਚ ਗੰਨੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਦਿੱਤੀ। ਇਸ ਮੌਕੇ ਡਾ. ਪਰਮਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫਸਰ (ਗੰਨਾ), ਡਾ. ਵਿਕਾਸ ਕੁਮਾਰ ਗੰਨਾ ਮੈਨੇਜਰ, ਸ੍ਰੀ ਜਰਮੇਜ ਸਿੰਘ ਰੜਾ ਡਿਪਟੀ ਗੰਨਾ ਮੈਨੇਜਰ, ਰਿਤੂਰਾਜ ਸਿਘ ਸਹਾਇਕ ਮੈਨੇਜਰ ਅਤੇ ਬਲਜਿੰਦਰ ਸਿੰਘ ਵੀ ਹਾਜ਼ਰ ਸਨ।
ਗੰਨਾ ਕਾਸਤਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜੂਨ ਦਾ ਮਹੀਨਾ ਗੰਨੇ ਦੀ ਫਸਲ ਲਈ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ ਅਤੇ ਇਹ ਸਮਾਂ ਗੰਨੇ ਦੀ ਫਸਲ ਦੀ ਸਾਂਭ ਲਈ ਜ਼ਰੂਰੀ ਹੈ ਤਾਂ ਜੋ ਕੀੜਿਆਂ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ। ਉਨਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਉੱਪਰ ਕਾਲੇ ਖਟਮਲ ਦਾ ਹਮਲਾ ਦੇਖਿਆ ਗਿਆ ਹੈ ਅਤੇ ਇਹ ਕਾਲਾ ਖਟਮਲ ਗੰਨੇ ਦੇ ਪੱਤਿਆਂ ਦਾ ਰਸ ਚੂਸਦਾ ਹੈ ਜਿਸ ਕਾਰਨ ਹਮਲੇ ਵਾਲੀ ਫ਼ਸਲ ਪੀਲੀ ਨਜ਼ਰ ਆਉਂਦੀ ਹੈ। ਉਨਾਂ ਕਿਹਾ ਕਿ ਕਾਲੇ ਖਟਮਲ ਦੀ ਰੋਕਥਾਮ ਲਈ 350 ਮਿਲੀਲਿਟਰ ਕਲੋਰਪਾਈਰੀਫਾਸ 20 ਈ ਸੀ ਪ੍ਰਤੀ ਏਕੜ ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਦੀ ਵਰਤੋਂ ਕਰਦਿਆਂ ਛਿੜਕਾਅ ਕਰ ਦੇਣਾ ਚਾਹੀਦਾ ਹੈ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਗੰਨੇ ਦੀ ਬੀਜੜ ਫਸਲ ਨੂੰ ਯੂਰੀਆ ਖਾਦ ਦਾ ਅੱਧਾ ਹਿੱਸਾ ਕਮਾਦ ਜੰਮਣ ਤੋਂ ਬਾਅਦ ਪਹਿਲੇ ਪਾਣੀ ਨਾਲ ਲਾਈਨਾਂ ਦੇ ਨਾਲ ਕੇਰਾ ਜਾਂ ਡਰਿੱਲ ਕਰ ਦੇਣੀ ਚਾਹੀਦੀ ਹੈ ਅਤੇ ਬਾਕੀ ਅੱਧੀ ਖਾਦ ਇਸੇ ਤਰੀਕੇ ਨਾਲ ਜੂਨ ਮਹੀਨੇ ਵਿੱਚ ਪਾ ਦੇਣੀ ਚਾਹੀਦਾ ਹੈ। ਉਨਾਂ ਕਿਹਾ ਕਿ ਗੰਨੇ ਦੀ ਫਸਲ ਵਿੱਚ ਡੀਲੇ ਦੀ ਰੋਕਥਾਮ ਲਈ ਖੜੀ ਫ਼ਸਲ ਵਿੱਚ 800 ਗ੍ਰਾਮ ਪ੍ਰਤੀ ਏਕੜ 2,4-ਡੀ ਸੋਡੀਅਮ ਸਾਲਟ 80 ਡਬਲਯੂ ਪੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਲਪੇਟਾ ਵੇਲ ਅਤੇ ਹੋਰ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 3-5 ਪੱਤਿਆਂ ਦੀ ਅਵਸਥਾ ਤੇ ਪ੍ਰਤੀ ਏਕੜ 800 ਗ੍ਰਾਮ 2,4-ਡੀ ਸੋਡੀਅਮ ਸਾਲਟ 80 ਡਬਲਯੂ ਪੀ ਜਾਂ 400 ਮਿਲੀਲਿਟਰ 2,4-ਡੀ ਅਮਾਈਨ ਸਾਲਟ 58 ਐਸ ਐਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨਾਂ ਦਸਿਆ ਕਿ ਨਦੀਨਨਾਸ਼ਕ ਦਾ ਛਿੜਕਾਅ ਫਸਲ ਨੂੰ ਪਾਣੀ ਲਗਾਉਣ ਤੋਂ ਬਾਅਦ ਤਰ ਵੱਤਰ ਦੌਰਾਨ ਕਰਨਾ ਚਾਹੀਦੀ ਹੈ।
ਇਸ ਮੌਕੇ ਡਾ.ਪਰਮਿੰਦਰ ਸਿੰਘ ਨੇ ਕਿਹਾ ਕਿ ਗੰਨੇ ਦੀ ਫਸਲ ਵਿੱਚ ਕਿਸੇ ਦੁਕਾਨਦਾਰ ਦੇ ਕਹੇ ਗੈਰਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ ਜਦੋਂ ਵੀ ਕੋਈ ਸਮੱਸਿਆ ਆਉਂਦੀ ਹੈ ਕਿ ਤਾਂ ਖੇਤੀ ਮਹਿਰਾਂ ਨਾਲ ਸੰਪਰਕ ਕਰਕੇ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ।