ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣ ਚਲਾਨ : ਡਿਪਟੀ ਕਮਿਸ਼ਨਰ
ਮਾਨਸਾ, 22 ਜੂਨ 2021 : ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ ਅਤੇ ਟਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਜ਼ਿਲ੍ਹੇ ਅੰਦਰ ਲਾਗੂ ਕਰਵਾਇਆ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਵਾਹਨਾਂ ਵੱਲੋਂ ਆਪਣੇ ਵਾਹਨਾਂ ਵਿੱਚ ਪੈ੍ਰਸ਼ਰ ਹਾਰਨ ਲਗਵਾਏ ਗਏ ਹਨ ਜਿਨ੍ਹਾਂ ਦੀ ਅਵਾਜ਼ ਬਹੁਤ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੈ੍ਰਸ਼ਰ ਹਾਰਨਾਂ ਦੀ ਉੱਚੀ ਅਵਾਜ਼ ਨਾਲ ਕਈ ਵਾਰ ਬੋਖਹਾਲਟ ਵਿੱਚ ਦੁਰਘਟਨਾਵਾਂ ਵੀ ਹੋ ਜਾਂਦੀਆਂ ਹੈ ਅਤੇ ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਲਈ ਵੀ ਇਹ ਆਵਾਜ਼ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰੈਸ਼ਰ ਹਾਰਨ ਵਾਲੀਆਂ ਗੱਡੀਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਤੋਂ ਇਲਾਵਾ ਜੋ ਵਾਹਨ ਓਵਰਲੋਡ ਹੋ ਕੇ ਸੜਕਾਂ ’ਤੇ ਚੱਲਦੇ ਹਨ ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਦੇ ਚਲਾਨ ਕੀਤੇ ਜਾਣਗੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਅਤੇ ਆਰ.ਟੀ.ਏ. ਸ਼੍ਰੀਮਤੀ ਹਰਜੋਤ ਕੌਰ ਮੌਜੂਦ ਸਨ।