ਡਿਪਟੀ ਕਮਿਸ਼ਨਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ
ਸੰਗਰੂਰ, 9 ਜੁਲਾਈ 2021 : ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਨੂੰ ਨਗਦੀ ਰਹਿਤ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ। ਸਿਹਤ ਬੀਮਾ ਯੋਜਨਾ ਦੇ ਜ਼ਿਲ੍ਹਾ ਪੱਧਰ ’ਤੇ ਬਣਨ ਵਾਲੇ ਯੋਗ ਲਾਭਪਤਾਰੀਆਂ ਦੇ ਈ. ਕਾਰਡਾਂ ਲਈ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਜ਼ਿਲ੍ਹੇ ਅੰਦਰ ਸਬ ਡਵੀਜ਼ਨ ਪੱਧਰ ’ਤੇ ਵੱਖ-ਵੱਖ ਥਾਵਾਂ ਤੇ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 1 ਲੱਖ 95 ਹਜ਼ਾਰ 239 ਪਰਿਵਾਰਾਂ ਦੇ 4 ਲੱਖ 45 ਹਜ਼ਾਰ 216 ਲਾਭਪਾਤਰੀ ਆਪਣੇ ਈ. ਕਾਰਡ ਬਣਵਾ ਚੁੱਕੇ ਹਨ, ਜੋ ਕਿ ਕਰੀਬ 76 ਫੀਸਦੀ ਲਾਭਪਤਾਰੀ ਬਣਦੇ ਹਨ। ਉਨ੍ਹਾਂ ਕਿਹਾ ਹਰੇਕ ਰਜਿਸਟਰਡ ਲਾਭਪਾਤਰੀ ਦਾ ਈ. ਕਾਰਡ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਕੋਈ ਵੀ ਲੋੜਵੰਦ ਸਿਹਤ ਬੀਮਾ ਯੋਜਨਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਰਜਿਸਟਰਡ ਵਿਅਕਤੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਪਹੁੰਚ ਕਰਕੇ ਆਪਣੇ ਈ. ਕਾਰਡ ਬਣਵਾਉਣ ਦੀ ਅਪੀਲ ਕੀਤੀ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਜ਼ਿਲ੍ਹਾ ਸੰਗਰੂਰ ਅੰਦਰ ਕਾਫ਼ੀ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟਰਡ ਪਰਿਵਾਰਾਂ ਨੰੂ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ ਦੇਖਣ ਲਈ ਅਤੇ ਵਧੇਰੇ ਜਾਣਕਾਰੀ ਲਈ www.shapunjab.in ‘ਤੇ ਜਾਂ ਹੈਲਪਲਾਈਨ ਨੰਬਰ 104 ’ਤੇ ਵੀ ਸੰਪਰਕ ਕਰ ਸਕਦਾ ਹੈ।