ਡਿਪਟੀ ਕਮਿਸ਼ਨਰ ਵੱਲੋਂ ਮੈਗਾ ਡੇਅਰੀ ਪ੍ਰੋਜੈਕਟ, ਪੁਰਾਤਨ ਜੇਲ੍ਹ ਅਤੇ ਮਿਹਰ ਬਾਬਾ ਚੈਰੀਟੇਬਲ ਟਰੱਸਟ ਦਾ ਦੌਰਾ
ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 17 ਜੁਲਾਈ 2021 : ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਜ਼ਿਲ੍ਹੇ ਵਿਚਲੇ ਵਿਕਾਸ ਪ੍ਰੋਜੈਕਟ ਤੈਅ ਸਮੇਂ ਉਤੇ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਬਸੀ ਪਠਾਣਾਂ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਮੈਗਾ ਡੇਅਰੀ ਪ੍ਰੋਜੈਕਟ ਅਤੇ ਪੁਰਾਤਨ ਜੇਲ੍ਹ ਦਾ ਦੌਰਾ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਮਲਿਕ ਨੇ ਦੱਸਿਆ ਕਿ ਮੈਗਾ ਡੇਅਰੀ ਪ੍ਰੋਜਕੈਟ ਦਾ ਪਹਿਲਾ ਫੇਜ਼ 138 ਕਰੋੜ ਰੁਪਏ ਦੀ ਲਾਗਤ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ ਤੇ ਇੱਥੇ ਟੈਟਰਾਪੈਕਿੰਗ ਦਾ ਵੀ ਪ੍ਰਬੰਧ ਹੋਵੇਗਾ। ਇਸ ਪ੍ਰੋਜਕੈਟ ਸਦਕਾ ਜਿੱਥੇ ਖੇਤਰ ਦੇ ਡੇਅਰੀ ਕਿੱਤੇ ਨਾਲ ਸਬੰਧਤ ਲੋਕਾਂ ਨੂੰ ਫਾਇਦਾ ਹੋਵੇਗਾ, ਉਥੇ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਪੁਰਾਤਨ ਜੇਲ੍ਹ ਬਸੀ ਪਠਾਣਾਂ ਦੀ ਸੰਭਾਲ ਲਈ ਚੱਲ 01.82 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਉਤੇ ਮੁਕੰਮਲ ਹੋਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਥਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਵਿੱਚ ਸਹਾਈ ਸਿੱਧ ਹੋਵੇਗੀ।
ਇਸ ਦੌਰਾਨ ਉਨ੍ਹਾਂ ਨੇ ਮਿਹਰ ਬਾਬਾ ਚੈਰੀਟੇਬਲ ਟਰੱਸਟ ਵਿਖੇ ਸਿਖਲਾਈ ਲੈ ਰਹੇ ਸਿਖਿਆਰਥੀਆਂ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਮਿਹਨਤ ਤੇ ਲਗਨ ਨਾਲ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਪ੍ਰੇਰਿਆ।
ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਯਸ਼ਪਾਲ ਸ਼ਰਮਾ ਵੀ ਮੌਜੂਦ ਸਨ।