ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਪਟਿਆਲਾ, 4 ਜੂਨ:
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰਕੇ ਡੀ.ਸੀ. ਦਫ਼ਤਰ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਵਹਾਅ ਰੋਕਣ ਵਾਲਿਆ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾ ਲੈਣ ਲਈ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ.ਡੀ.ਐਮਜ਼ ਆਪਣੇ ਅਧੀਨ ਆਉਂਦੇ ਉਨ੍ਹਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਿਥੇ ਹੜ੍ਹਾਂ ਦਾ ਖਤਰਾ ਹੈ ਅਤੇ ਪਿੰਡ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪਲਾਨ ਨੂੰ ਲਾਗੂ ਕਰਨ ‘ਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫ਼ਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢੀਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਸ੍ਰੀ ਕੁਮਾਰ ਅਮਿਤ ਨੇ ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ ‘ਚ ਰਿਜ਼ਰਵ ਪਏ ਖਾਣ-ਪੀਣ ਦੇ ਸਮਾਨ ਦੀ ਲਿਸਟ ਜਮਾਂ ਕਰਵਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੇ ਮੌਸਮ ਦੌਰਾਨ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਆਪਣਾ ਸਟੇਸ਼ਨ ਛੱਡਕੇ ਨਹੀਂ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਅੰਕੁਰਦੀਪ ਸਿੰਘ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਮਾਣਾ ਨਮਨ ਮੜਕਣ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।