ਡੇਅਰੀ ਵਿਕਾਸ ਵਿਭਾਗ ਵੱਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ 19 ਜੁਲਾਈ ਤੋਂ
ਫਤਹਿਗੜ੍ਹ ਸਾਹਿਬ, 12 ਜੁਲਾਈ 2021 : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ ਦਾ ਛੇਵਾ ਬੈਚ 19 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਸ੍ਰੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਆਨ-ਲਾਈਨ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ ਮਿਤੀ 14 ਜੁਲਾਈ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤੀਜੀ ਮੰਜਿਲ , ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ 406 ਚ ਕੀਤੀ ਜਾਵੇਗੀ ।
ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਉਮਰ 18 ਸਾਲ ਤੋਂ 50 ਸਾਲ ਤੱਕ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 2 ਪਾਸਪੋਰਟ ਸਾਇਜ ਫੋਟੋਆਂ ਲੈ ਕੇ ਦਫਤਰ ਚ ਆਉਣ। ਉਨ੍ਹਾ ਹੋਰ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।
ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲੈਣ ਲਈ ਦਫਤਰ ਦੇ ਫੋਨ ਨੰ 01763-233334 ਤੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ ।