ਦੇਸ਼ ਭਰ ਵਿੱਚੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦਾ ਮੋਹਰੀ ਸੂਬਾ ਬਣਨਾ ਸ਼ਲਾਘਾਯੋਗ-ਡਿਪਟੀ ਕਮਿਸ਼ਨਰ
ਸੰਗਰੂਰ, 10 ਜੂਨ :
ਭਾਰਤ ਵਿੱਚੋਂ ਸਕੂਲੀ ਸਿੱਖਿਆ ’ਚ ਪੰਜਾਬ ਮੋਹਰੀ ਸੂਬਾ ਰਹਿਣ ’ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਵਰਚੁਅਲ ਪ੍ਰੋਗਰਾਮ ਕਰਵਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੇ ਸਮੂਹ ਅਧਿਆਪਕਾਂ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਪੰਜਾਬ ਨੂੰ ਇਹ ਮਾਣ ਹਾਸਿਲ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੋਈ ਕਸਰ ਨਹੀ ਰਹਿਣ ਦਿੱਤੀ ਜਾਵੇਗੀ।
ਇਸ ਵਰਚੂਅਲ ਪ੍ਰੋਗਰਾਮ ’ਚ ਜ਼ਿਲ੍ਹਾ ਸੰਗਰੂਰ ਤੋਂ ਵਿਸੇਸ ਤੌਰ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਸਮੂਲੀਅਤ ਕੀਤੀ। ਉਨ੍ਹਾਂ ਪੰਜਾਬ ਨੂੰ ਸਿੱਖਿਆ ਦੇ ਖੇਤਰ ’ਚ ਪੂਰੇ ਦੇਸ਼ ਅੰਦਰ ਪਹਿਲਾ ਸਥਾਨ ਮਿਲਣ ਤੇ ਖੁਸ਼ੀ ਜਾਹਿਰ ਕਰਦਿਆਂ ਰਾਜ ਸਰਕਾਰ ਦੀ ਸਿੱਖਿਆ ਨੀਤੀ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਅਧਿਆਪਕਾ ਨੂੰ ਮੁਬਾਰਬਾਦ ਦਿੱਤੀ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸੂਬੇ ਅਤੇ ਜ਼ਿਲ੍ਹੇ ਦਾ ਨਾਮ ਹਮੇਸ਼ਾ ਬੁਲੰਦੀਆਂ ’ਤੇ ਰੱਖਣ ਲਈ ਹੋਰ ਵਧੇਰੇ ਲਗਨ ਅਤੇ ਮਿਹਨਤ ਨਾਲ ਡਿਊਟੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਵਰਗ ਵੱਲੋ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਣਥੱਕ ਉਪਰਾਲੇ ਕੀਤੇ ਜਾ ਰਹੇ, ਉਸੇ ਤਰ੍ਹਾਂ ਵਿਦਿਆਰਥੀ ਵਰਗ ਨੂੰ ਪੜ੍ਹਾਈ ’ਚ ਦਿਲਚਸਪੀ ਲੈ ਕੇ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨ ਲਈ ਖੂਬ ਮਿਹਨਤ ਕਰਨ ਦੀ ਲੋੜ ਹੈ।
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਉਭਾਵਾਲ ਦੇ ਅਧਿਆਪਕਾ ਜਸਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਮਾਣ ਹਾਸਲ ਹੋਇਆ। ਉਨ੍ਹਾਂ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਇਨ੍ਹਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੇ ਨਾਲ-ਨਾਲ ਮਿਆਰੀ ਅਤੇ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਵਿਸ਼ਵਾਸ ਵਧਿਆ ਹੈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾਂ ਯੋਜਨਾ ਬੋਰਡ ਸ੍ਰੀ ਰਜਿੰਦਰ ਸਿੰਘ ਰਾਜਾ ਬੀਰਕਲਾਂ, ਸੀਨੀਅਰ ਕਾਂਗਰਸੀ ਆਗੂ ਮਹੇਸ਼ ਕੁਮਾਰ ਮੇਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਸ੍ਰੀ ਯਸ਼ਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮਲਕੀਤ ਸਿੰਘ ਖੌਸਾ, ਸ੍ਰੀ ਸੁਰਿੰਦਰ ਸਿੰਘ ਭਰੂਰ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।