ਨਸ਼ਿਆਂ ਖ਼ਿਲਾਫ਼ ਜੰਗ: ਸਕੂਲਾਂ ਵਿੱਚ 11,926 ਬਡੀ ਗਰੁੱਪ
ਫ਼ਤਹਿਗੜ੍ਹ ਸਾਹਿਬ, 24 ਜੂਨ 2021 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ ਤੇ ਹੋਰਨਾਂ ਨਸ਼ਾ ਵਿਰੋਧੀ ਪ੍ਰੋਗਰਾਮਾਂ ਸਮੇਤ ਜ਼ਿਲ੍ਹੇ ਵਿੱਚ ‘ਤੂੰ ਮੇਰਾ ਬਡੀ’ ਪ੍ਰੋਗਰਾਮ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ ਅਤੇ ਇਸ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ 11,926 ਬਡੀ ਗਰੁੱਪ ਬਣਾਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਡੀ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਹੀ ਸੇਧ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 02,195 ਸੀਨੀਅਰ ਬਡੀ ਨਿਯੁਕਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਹਰ ਇੱਕ ਜਮਾਤ ਦੇ 5 ਵਿਦਿਆਰਥੀਆਂ ਦਾ ਇੱਕ ਗਰੁੱਪ ਭਾਵ ਬਡੀ ਗਰੁੱਪ ਬਣਾਇਆ ਗਿਆ ਹੈ, ਜਿਸ ਦੀ ਅਗਵਾਈ ਲਈ ਕਲਾਸ ਟੀਚਰ ਨੂੰ ਸੀਨੀਅਰ ਬਡੀ ਵਜੋਂ ਤਾਇਨਾਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਜਾਰੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਰੂਪੀ ਅਲ੍ਹਾਮਤ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਬੱਚਿਆਂ ਸਬੰਧੀ ਦੋਸਤਾਂ ਵਾਲਾ ਰਵੱਈਆ ਅਪਣਾਉਣ ਤਾਂ ਜੋ ਬੱਚੇ ਆਪਣੀ ਛੋਟੀ ਤੋਂ ਛੋਟੀ ਗੱਲ ਵੀ ਮਾਪਿਆਂ ਨੂੰ ਬਿਨਾਂ ਕਿਸ ਡਰ ਤੋਂ ਦੱਸ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਅਜਿਹੀ ਬਿਮਾਰੀ ਹਨ ਜੋ ਨਾ ਕੇਵਲ ਇਨ੍ਹਾਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੂੰ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਤੌਰ ‘ਤੇ ਖ਼ਤਮ ਕਰ ਦਿੰਦੇ ਹਨ ਸਗੋਂ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀ ਦਾ ਪਰਿਵਾਰ ਵੀ ਇਸ ਦਾ ਖਮਿਆਜ਼ਾ ਭੁਗਤਦਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਨਸ਼ਾ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਾਂ ਓਟ ਕਲੀਨਿਕ ਜਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਬਡੀ ਗਰੁੱਪ ਨਾ ਸਿਰਫ਼ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਅ ਰਹੇ ਹਨ ਸਗੋਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦੇ ਨਾਲ-ਨਾਲ ਹੋਰਨਾਂ ਸਮਾਜਕ ਕੁਰੀਤੀਆਂ ਖ਼ਿਲਾਫ ਵੀ ਲਾਮਬੰਦ ਕਰ ਰਹੇ ਹਨ।