ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ – ਚੇਅਰਮੈਨ ਰਵੀਨੰਦਨ ਬਾਜਵਾ
ਬਟਾਲਾ, 16 ਜੂਨ (2021) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਹੋਣ ਦੇ ਨਾਲ ਨਵੇਂ ਬਣੇ ਪਾਰਕ ਪਿੰਡਾਂ ਦੀ ਖੂਬਸੂਰਤੀ ਵਿੱਚ ਵਾਧਾ ਕਰ ਰਹੇ ਹਨ। ਇਹ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਵੀਨੰਦਨ ਸਿੰਘ ਬਾਜਵਾ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਗੁਜ਼ਰਪੁਰਾ ਵਿਖੇ ਪਿੰਡ ਵਾਸੀਆਂ ਨਾਲ ਆਪਣੀ ਗੱਲ-ਬਾਤ ਦੌਰਾਨ ਕੀਤਾ।
ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਕੈਪਟਨ ਸਰਕਾਰ ਨੇ ਸਾਲ 2017 ਵਿਚ ਪੰਜਾਬ ਦੀ ਵਾਗਡੋਰ ਸੰਭਾਲੀ ਸੀ ਤਾਂ ਵਿਕਾਸ ਪੱਖੋਂ ਪਿੰਡ ਬਹੁਤ ਪਿੱਛੇ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਮੁੱਖ ਸਮੱਸਿਆ ਸੀ। ਚੇਅਰਮੈਨ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿੰਡਾਂ ਨੂੰ ਵਿਕਸਤ ਕਰਨ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਪ੍ਰਤੀ ਕੀਤੀਆਂ ਸੁਹਿਰਦ ਕੋਸ਼ਿਸ਼ਾਂ ਰੰਗ ਲਿਆਈਆਂ ਹਨ ਅਤੇ ਸਾਡੇ ਪਿੰਡ ਸਹੂਲਤਾਂ ਦੇ ਪੱਖ ਤੋਂ ਹੁਣ ਸ਼ਹਿਰਾਂ ਤੋਂ ਘੱਟ ਨਹੀਂ ਹਨ।
ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕੇ ਤੌਰ ’ਤੇ ਹੱਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਪਾਰਕਾਂ ਬਣਾਈਆਂ ਗਈਆਂ ਹਨ ਜੋ ਪਿੰਡਾਂ ਨੂੰ ਖੂਬਸੂਰਤ ਬਣਾਉਣ ਦੇ ਨਾਲ ਲੋਕਾਂ ਲਈ ਵਧੀਆ ਸੈਰਗਾਹਾਂ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਲੀਆਂ ਨਾਲੀਆਂ ਨੂੰ ਵਧੀਆ ਢੰਗ ਨਾਲ ਬਣਾਇਆ ਗਿਆ ਹੈ ਅਤੇ ਆਰ.ਸੀ.ਸੀ. ਅਤੇ ਇੰਟਰਲਾਕ ਟਾਈਲਾਂ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਵੀ ਵੱਡਾ ਸੁਧਾਰ ਕਰਕੇ ਸਮਾਰਟ ਸਕੂਲ ਬਣਾਏ ਗਏ ਹਨ। ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਕਈ ਪਿੰਡ ਏਨੇ ਖੂਬਸੂਰਤ ਬਣ ਗਏ ਹਨ ਕਿ ਉਹ ਰਾਸ਼ਟਰੀ ਪੁਰਸਕਾਰ ਵੀ ਜਿੱਤ ਚੁੱਕੇ ਹਨ।
ਪਿੰਡ ਗੁਜਰਪੁਰਾ ਦੇ ਦੌਰੇ ਦੌਰਾਨ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਪਿੰਡ ਵਾਸੀਆਂ ਦੀ ਮੁਸ਼ਕਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਲਈ ਨਾਲੇ ਅਤੇ ਛੱਪੜ ਦੀ ਉਸਾਰੀ ਲਈ ਗ੍ਰਾਂਟ ਵੀ ਦਿੱਤੀ।