ਵਿਧਾਕਿ ਫ਼ਤਹਿ ਬਾਜਵਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਦੀਆਂ ਮੰਗਾਂ ਰੱਖੀਆਂ
ਬਟਾਲਾ, 17 ਜੂਨ ( 2021) – ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਤੇ ਨਾਲ ਹੀ ਹਲਕੇ ਵਿੱਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਉਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ ਅੱਗੇ ਹਲਕੇ ਦੇ ਵਿਕਾਸ ਦੀਆਂ ਅਹਿਮ ਮੰਗਾਂ ਵੀ ਰੱਖੀਆਂ ਹਨ। ਮੁੱਖ ਮੰਤਰੀ ਕੋਲੋਂ ਹਲਕਾ ਕਾਦੀਆਂ ਦੇ ਸਮੁੱਚੇ ਵਿਕਾਸ ਲਈ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਹੈ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕੇ ਦੇ ਵਿਕਾਸ ਲਈ ਹੋਰ ਵੀ ਗ੍ਰਾਂਟ ਜਾਰੀ ਕੀਤੀ ਜਾਵੇਗੀ।
ਵਿਧਾਇਕ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਉਨਾਂ ਨੇ ਕੋਵਿਡ-19 ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਵੀ ਦਿੱਤੀ। ਇਸਦੇ ਨਾਲ ਹੀ ਉਨਾਂ ਸਤਿ ਬਚਨ ਫਾਊਂਡੇਸ਼ਨ ਵੱਲੋਂ ਹਲਕੇ ਵਿੱਚ ਕੋਰੋਨਾ ਮਹਾਂਮਾਰੀ ਉੱਪਰ ਰੋਕਥਾਮ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਜਿਸ ’ਤੇ ਮੁੱਖ ਮੰਤਰੀ ਨੇ ਇਸ ਨੇਕ ਕਾਰਜ ਦੀ ਭਰਪੂਰ ਸਰਾਹਨਾ ਕੀਤੀ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਬਹੁਤ ਸਫਲ ਰਹੀ ਹੈ ਅਤੇ ਉਨਾਂ ਨੇ ਹਲਕੇ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।