ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਅਸਰਦਾਰ, ਯੋਗ ਵਿਅਕਤੀ ਜਰੂਰ ਲਗਵਾਉਣ ਵੈਕਸੀਨ : ਡਿਪਟੀ ਕਮਿਸ਼ਨਰ
ਬਟਾਲਾ, 16 ਜੁਲਾਈ 2021 : ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਜ਼ਿਲ੍ਹੇ ਅੰਦਰ ਬੀਤੇ ਕੱਲ ਤੱਕ 5 ਲੱਖ 58 ਹਜਾਰ 486 ਵਿਅਕਤੀਆਂ ਨੇ ਵੈਕਸੀਨ ਲਗਵਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਬੇਸ਼ੱਕ ਵੈਕਸੀਨ ਲਗਾਈ ਜਾ ਰਹੀ ਹੈ ਪਰ ਕੋਵਿਡ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਉੱਪਰ ਫ਼ਤਹਿ ਪਾਉਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਅਤੇ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਅਸਰਦਾਰ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ, ਮਾਸਕ ਪਾਉਣ, ਹੱਥਾਂ ਨੂੰ ਸ਼ੈਨਾਟਾਇਜ਼ ਕਰਨ ਵਰਗੀਆਂ ਸਾਵਧਾਨੀਆਂ ਦੀ ਪਾਲਣਾ ਵੀ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਬਿਨਾਂ ਕਿਸੇ ਦੇਰੀ ਕੋਰੋਨਾ ਦਾ ਟੈਸਟ ਕਰਵਾਇਆ ਜਾਵੇ ਅਤੇ ਨਤੀਜਾ ਆਉਣ ਤੱਕ ਆਪਣੇ ਆਪ ਨੂੰ ਇਕਾਂਤਵਾਸ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਾਜ਼ਟਿਵ ਵੀ ਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਮਾਹਿਰਾਂ ਵੱਲੋਂ ਇਲਾਜ ਕਰਵਾ ਕੇ ਅਤੇ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਬਿਮਾਰੀ ਉੱਪਰ ਫ਼ਤਹਿ ਪਾਈ ਜਾ ਸਕਦੀ ਹੈ