ਸਰਕਾਰੀ ਕਾਲਜ ’ਚ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਸਹਾਇਤਾ ਕੇਂਦਰ ਸਥਾਪਤ: ਸੁੰਦਰ ਸ਼ਾਮ ਅਰੋੜਾ
ਹੁਸ਼ਿਆਰਪੁਰ, 19 ਜੂਨ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਸਥਾਪਿਤ ਕੀਤੀ ਗਈ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਹੁਸ਼ਿਆਰਪੁਰ ਵਿਚ ਸਹਾਇਤਾ ਕੇਂਦਰ ਸਥਾਨਕ ਸਰਕਾਰੀ ਕਾਲਜ ਵਿਖੇ ਸਥਾਪਤ ਕੀਤਾ ਗਿਆ ਹੈ ਤਾਂ ਜੋ ਡਿਸਟੈਂਸ ਐਜੂਕੇਸ਼ਨ ਰਾਹੀਂ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਲੋੜ ਪੈਣ ’ਤੇ ਲੋੜੀਂਦੀ ਸਹਾਇਤਾ ਅਤੇ ਉਚੇਰੀ ਸਿੱਖਿਆ ਨਾਲ ਸਬੰਧਤ ਜਾਣਕਾਰੀ ਸਹਿਜੇ ਹੀ ਮੁਹੱਈਆ ਕਰਵਾਈ ਜਾ ਸਕੇ।
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜਰੀ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਧਰਮ ਸਿੰਘ ਸੰਧੂ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਨੇ ਕਾਲਜ ਵਿਖੇ ਸਹਾਇਤਾ ਕੇਂਦਰ ਸਥਾਪਤ ਕਰਨ ਲਈ ਐਮ.ਓ.ਯੂ. ’ਤੇ ਹਸਤਾਖਰ ਕੀਤੇ।
ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸਰਕਾਰੀ ਕਾਲਜ ਵਿਖੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਸਹਾਇਤਾ ਕੇਂਦਰ ਸਥਾਪਤ ਹੋਣਾ ਜਿਲੇ ਦੇ ਉਨ੍ਹਾਂ ਵਿਦਿਆਰਥੀਆਂ ਅਤੇ ਲੋਕਾਂ ਲਈ ਬੇਹੱਦ ਲਾਹੇਵੰਦ ਹੋਵੇਗਾ ਜਿਹੜੇ ਕਿਸੇ ਕਾਲਜ ਵਿਚ ਕਿਸੇ ਨਾ ਕਿਸੇ ਕਾਰਨ ਕਰਕੇ ਕਾਲਜਾਂ ਵਿਚ ਰੈਗੂਲਰ ਦਾਖਲਾ ਨਹੀਂ ਲੈ ਸਕਣਗੇ। ਉਨ੍ਹਾਂ ਸੈਂਟਰ ਦੀ ਸਥਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿ ਯੂਨੀਵਰਸਿਟੀ ਵਲੋਂ ਪਹਿਲੇ ਪੜਾਅ ਵਿਚ ਬੈਚਲਰ ਆਫ ਲਿਬਰਲ ਆਰਟਸ ਅਤੇ ਬੀ. ਕਾਮ. ਦੇ ਦਾਖਲਿਆਂ ਲਈ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।
ਪੰਜਾਬ ਸਰਕਾਰ ਵਲੋਂ ਉਚੇਰੀ ਸਿੱਖਿਆ ਦੇ ਪ੍ਰਸਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ 16 ਨਵੇਂ ਕਾਲਜਾਂ ਦੀ ਸਥਾਪਨਾ ਨਾਲ ਉਚੇਰੀ ਸਿੱਖਿਆ ਪ੍ਰਦਾਨ ਕਰਾਉਣ ਦੇ ਯਤਨਾਂ ਨੂੰ ਬਲ ਮਿਲੇਗਾ। ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਦਾ ਹਵਾਲਾ ਦਿੰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਕਾਲਜਾਂ ਲਈ 16 ਪਿ੍ਰੰਸੀਪਲਾਂ ਅਤੇ 166 ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇਣਾ ਉਚੇਰੀ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਕਦਮ ਹੈ। ਉਨ੍ਹਾਂ ਦਸਿਆ ਕਿ ਯੂਨੀਵਰਸਿਟੀ ਦੇ ਅਧਿਆਰੀਆਂ ਵਲੋਂ ਜਿਲ੍ਹਾ ਹੈਡਕੁਆਰਟਰਾਂ ’ਤੇ ਅਜਿਹੇ ਸਹਾਇਤਾ ਕੇਂਦਰ ਸਥਾਪਤ ਕਰਨ ਲਈ ਐਮ.ਓ.ਯੂਜ਼ ’ਤੇ ਸਹੀ ਪਾਉਣੀ ਸ਼ੁਰੂ ਕਰ ਦਿਤੀ ਗਈ ਹੈ ਜਿਸ ਨਾਲ ਡਿਸਟੈਂਸ ਐਜੂਕੇਸ਼ਨ ਵਾਲੇ ਵਿਦਿਆਰਥੀਆਂ ਨੂੰ ਵੱਡਾ ਫਾਇਦਾ ਹੋਵੇਗਾ।
ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਧਰਮ ਸਿੰਘ ਸੰਧੂ ਨੇ ਦਸਿਆ ਕਿ ਉਚੇਰੀ ਸਿਖਿਆ ਅਤੇ ਭਾਸ਼ਾ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਵਿਚ ਆਉਂਦੇ ਵਿਦਿਅਕ ਸ਼ੈਸਨ ਤੋਂ ਦਾਖਲੇ ਆਰੰਭ ਕਰ ਦਿਤੇ ਜਾਣਗੇ। ਉਨ੍ਹਾਂ ਦਸਿਆ ਕਿ ਹੁਸ਼ਿਆਰਪੁਰ ਤੋਂ ਇਲਾਵਾ ਬਾਕੀ ਜਿਲਿਆਂ ਵਿਚ ਵੀ ਅਜਿਹੇ ਕੇਂਦਰ ਸਥਾਪਤ ਕਰਨ ਲਈ ਸੰਸਥਾਵਾਂ ਦੇ ਮੁਖੀਆਂ ਵਲੋਂ ਵੀ ਐਮ.ਓ.ਯੂਜ਼ ਹਸਤਾਖਰ ਕੀਤੇ ਜਾ ਰਹੇ ਹਨ। ਇਸ ਮੌਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਲੋਂ ਬੀਤੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਦੇ ਵਿਕਾਸ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਗੱਲ ਕਰਦਿਆਂ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਸੈਂਟਰ ਸਥਾਪਤ ਹੋਣ ਨਾਲ ਰੈਗੂਲਰ ਦਾਖਲਾ ਨਾ ਲੈ ਸਕਣ ਵਾਲੇ ਵਿਦਿਆਰਥੀਆਂ ਬਹੁਤ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਇਸ ਕੇਂਦਰ ਵਿਚ ਕੌਂਸਲਿੰਗ ਅਤੇ ਕਲਾਸਾਂ ਸ਼ਨੀਵਾਰ ਅਤੇ ਐਤਵਾਰ ਨੂੰ ਹੀ ਲਗਾਈਆਂ ਜਾਇਆ ਕਰਨਗੀਆਂ।
ਇਸ ਮੌਕੇ ਹੋਰਨਾਂ ਤੋ ਇਲਾਵਾ ਕਾਲਜ ਦੇ ਵਾਈਸ ਪਿ੍ਰੰਸੀਪਲ ਸ਼੍ਰੀਮਤੀ ਜੋਗੇਸ਼, ਪ੍ਰੋ. ਰਾਜੇਸ਼ ਡੋਗਰਾ, ਕੋਆਡੀਨੇਟਰ ਹਰਜਿੰਦਰ ਪਾਲ , ਸੇਵਾਮੁਕਤ ਪਿ੍ਰੰਸੀਪਲ ਡਾ. ਪਰਮਜੀਤ ਸਿੰਘ ਅਤੇ ਸਤਨਾਮ ਸਿੰਘ ਵੀ ਮੌਜੂਦ ਸਨ।
ਕੈਪਸ਼ਨ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਪਟਿਆਲਾ ਦਾ ਸਹਾਇਤਾ ਕੇਂਦਰ ਸਥਾਪਿਤ ਕਰਵਾਉਂਦੇ ਹੋਏ।