ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਨੇ 22.91 ਕਰੋੜ ਰੁਪਏ ਹੋਰ ਕੀਤੇ ਜਾਰੀ : ਚੇਅਰਮੈਨ ਰਵੀਨੰਦਨ ਬਾਜਵਾ
ਬਟਾਲਾ, 18 ਜੂਨ (2021) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਰਬਪੱਖੀ ਸੁਧਾਰ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਹੋਰ ਸੁਧਾਰਾਂ ਤੇ ਨਵੀਆਂ ਪਹਿਲਕਦਮੀਆਂ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਮੁੱਢਲੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹਾਲ ਹੀ ਵਿੱਚ 22.91 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ।
ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ 22.91 ਕਰੋੜ ਰੁਪਏ ਦੀ ਰਾਸ਼ੀ ਸਕੂਲਾਂ ਵਿੱਚ ਖੇਡਾਂ ਦੇ ਸਾਜ਼ੋ-ਸਾਮਾਨ ਦੀ ਖਰੀਦ, ਲੈਬਾਰਟਰੀਆਂ ਦੇ ਵਿਕਾਸ, ਇੰਟਰਨੈਟ ਸੇਵਾਵਾਂ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ, ਬਿਜਲੀ ਖਰਚਿਆਂ ਲਈ ਵਰਤੀ ਜਾਵੇਗੀ। ਉਨਾਂ ਕਿਹਾ ਕਿ ਇਸ ਗ੍ਰਾਂਟ ਦੀ ਵਰਤੋਂ ਸਕੂਲ ਦੀ ਇਮਾਰਤ ਦੇ ਰੱਖ-ਰਖਾਅ, ਪਖਾਨੇ ਬਣਾਉਣ ਅਤੇ ਬੁਨਿਆਦੀ ਸਹੂਲਤਾਂ ਵਿਚ ਹੋਰ ਸੁਧਾਰ ਕਰਨ ਲਈ ਵੀ ਖਰਚ ਕੀਤੀ ਜਾ ਸਕਦੀ ਹੈ। ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਇਸ ਗ੍ਰਾਂਟ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਨੂੰ 132.25 ਲੱਖ ਰੁਪਏ ਮਿਲਣਗੇ।
ਚੇਅਰਮੈਨ ਬਾਜਵਾ ਨੇ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸਿੱਖਿਆ ਖੇਤਰ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਨੇ ਹਾਲ ਹੀ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਪੀ.ਜੀ.ਆਈ. ਰੈਂਕਿੰਗ ਵਿੱਚ 1000 ਵਿੱਚੋਂ 929 ਅੰਕ ਪ੍ਰਾਪਤ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਉਨਾਂ ਕਿਹਾ ਕਿ ਸੂਬਾ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ।