ਜ਼ਿਲ੍ਹੇ ਦੇ ਪਿੰਡ ਜਮੀਤਗੜ੍ਹ ਵਿਖੇ ਹੋਇਆ 100 ਫੀਸਦੀ ਟੀਕਾਕਰਨ- ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 18 ਜੁਲਾਈ 2021 : ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡ ਜਮੀਤਗੜ੍ਹ ਦੇ 45 ਸਾਲ ਤੋਂ ਵੱਧ ਉਮਰ ਦੇ 100 ਫੀਸਦੀ ਲੋਕਾਂ ਨੇ ਵੈਕਸੀਨੇਸਨ ਕਰਵਾ ਲਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਬਾਕੀ ਰਹਿੰਦੇ ਪਿੰਡਾਂ ਦਾ 100 ਫੀਸਦੀ ਟੀਕਾਕਰਨ ਦਾ ਟੀਚਾ ਛੇਤੀ ਪੂਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਇਸਦੇ ਨਾਲ ਨਾਲ ਖੇੜਾ ਬਲਾਕ ਦੇ ਪਿੰਡ ਢੋਲਾਂ, ਭੈਣੀ ਖੁਰਦ, ਪਤਾਰਸੀ ਖੁਰਦ, ਪਤਾਰਸੀ ਕਲਾਂ, ਵਿਖੇ ਵੀ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ 100 ਫੀਸਦੀ ਟੀਕਾਕਰਨ ਕੀਤਾ ਗਿਆ। ਉਹਨਾਂ ਦੱਸਿਆ ਕਿ ਬਾਕੀ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੇ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਖ਼ਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਈਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਇਹ ਤਿੰਨਾਂ ਨੂੰ ਅਪਣਾ ਕੇ ਕੋਵਿਡ-19 ਨੂੰ ਮਾਤ ਦਿੱਤੀ ਜਾ ਸਕਦੀ ਹੈ।