ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਬੀ.ਡੀ.ਪੀ.ਓਜ਼, ਪੰਚਾਂ ਅਤੇ ਸਰਪੰਚਾਂ ਨਾਲ ਮੀਟਿੰਗ
ਫਤਹਿਗੜ੍ਹ ਸਾਹਿਬ, 08 ਜੁਲਾਈ 2021 : ਸ਼੍ਰੀ ਨਿਰਭਓ ਸਿੰਘ ਗਿੱਲ, ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 10 ਜੁਲਾਈ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।
ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ । ਲੋਕ ਅਦਾਲਤ ਦੀ ਇਸ ਅਹਿਮੀਅਤ ਨੂੰ ਵੱਧ ਤੋਂ ਵੱਧ ਪਬਲਿਕ ਤੱਕ ਪਹੁੰਚਾਉਣ ਲਈ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਬੀ.ਡੀ.ਪੀ.ਓਜ਼, ਸਰਪੰਚ ਅਤੇ ਪੰਚਾਂ ਨਾਲ ਇਸ ਸਬੰਧ ਵਿੱਚ ਇੱਕ ਆਨਲਾਈਨ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਵਿੱਚ ਮੌਜੂਦ ਹਾਜ਼ਰੀਨ ਨੂੰ ਲੋਕ ਅਦਾਲਤ ਦੇ ਲਾਭ ਦੱਸਦੇ ਹੋਏ ਉਹਨਾਂ ਦੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਲੋਕ ਅਦਾਲਤ ਵਿੱਚ ਆਪਣੇ ਕੇਸ ਨਿਬੇੜਨ ਲਈ ਉਤਸਾਹਿਤ ਕਰਨ ਲਈ ਆਖਿਆ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ। ਆਮ ਪਬਲਿਕ ਨੂੰ ਇਸ ਲੱਗ ਰਹੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਅਤੇ ਆਪਸੀ ਸਹਿਮਤੀ ਨਾਲ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਲੋਕ ਅਦਾਲਤ ਵਿੱਚ ਕਰਨਾ ਚਾਹੀਦਾ ਹੈ।