ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵੱਲੋਂ ਸਮਾਣਾ ਦਾ ਦੌਰਾ
ਸਮਾਣਾ, 23 ਅਗਸਤ 2021 : ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਅੱਜ ਸਮਾਣਾ ਦਾ ਦੌਰਾ ਕਰਕੇ ਇੱਥੇ ਦਾਣਾ ਮੰਡੀ ਵਿਖੇ ਸੈਂਟਰਲ ਵਾਲਮੀਕ ਸਭਾ ਇੰਡੀਆ ਵੱਲੋਂ ਸੂਬਾ ਪ੍ਰਧਾਨ ਸਰਪੰਚ ਦਰਸ਼ਨ ਸਿੰਘ ਮੈਣ ਵੱਲੋਂ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਸਬੰਧੀ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਸ੍ਰੀ ਗੇਜਾ ਰਾਮ ਵਾਲਮੀਕੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਜ ਅੰਦਰ ਠੇਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਸੀਵਰ ਕਾਮਿਆਂ ਅਤੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਿਆ ਸੀ, ਜਿਸ ਨੂੰ ਪ੍ਰਵਾਨ ਕਰਕੇ ਸਰਕਾਰ ਵੱਲੋਂ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ 66000 ਅਸਾਮੀਆਂ ‘ਤੇ ਪੱਕੀ ਭਰਤੀ ਕਰਨ ਦਾ ਨਿਰਣਾ ਲਿਆ ਗਿਆ ਹੈ।
ਸ੍ਰੀ ਗੇਜਾ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਇਸ ਗੱਲੋਂ ਸੁਹਿਰਦ ਹਨ ਕਿ ਕੱਚੇ ਕਾਮਿਆਂ ਦੇ ਸੁਨਹਿਰੀ ਭਵਿੱਖ ਲਈ ਪੱਕੀ ਭਰਤੀ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ 5 ਕੈਬਨਿਟ ਮੰਤਰੀਆਂ ‘ਤੇ ਅਧਾਰਤ ਇੱਕ ਸਬ ਕਮੇਟੀ ਵੀ ਗਠਿਤ ਕੀਤੀ ਸੀ, ਜਿਸ ਦੀ ਰਿਪੋਰਟ ‘ਤੇ ਸੂਬੇ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਣਾ ਹੈ।
ਸ੍ਰੀ ਗੇਜਾ ਰਾਮ ਨੇ ਅੱਗੇ ਦੱਸਿਆ ਕਿ ਸਫ਼ਾਈ ਕਮਿਸ਼ਨ, ਸਫ਼ਾਈ ਕਾਮਿਆਂ ਦੀ ਭਲਾਈ ਲਈ ਵਚਨਬਧ ਹੈ, ਇਸ ਲਈ ਠੇਕੇਦਾਰੀ ਪ੍ਰਣਾਲੀ ‘ਚ ਕੰਮ ਕਰਦੇ ਸੀਵਰਮੈਨਾਂ ਤੇ ਸਫ਼ਾਈ ਕਾਮਿਆਂ ਨੂੰ ਪੱਕਾ ਕਰਨਾ, ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨੀ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਲਈ ਸਰਕਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ।
ਚੇਅਰਮੈਨ ਨੇ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ‘ਜਾਗੋ ਨਸ਼ਾ ਤਿਆਗੋ’ ਉਨ੍ਹਾਂ ਦਾ ਨਾਅਰਾ ਹੈ ਅਤੇ ਬਾਹਰੀ ਤਾਕਤਾਂ, ਜੋ ਕਿ ਸਾਡੇ ਸੂਬੇ ਦੇ ਨੌਜਵਾਨਾਂ ਨੂੰ ਹਥਿਆਰਾਂ ਤੇ ਨਸ਼ਿਆਂ ਦੇ ਨਾਮ ‘ਤੇ ਗੁੰਮਰਾਹ ਕਰ ਰਹੀਆਂ ਹਨ, ਵਿਰੁੱਧ ਲੋਕਾਂ ਨੂੰ ਲਾਮਬੰਦ ਹੋਣਾ ਪਵੇਗਾ। ਇੱਕ ਹੋਰ ਸਵਾਲ ਦੇ ਜਵਾਬ ‘ਚ ਸ੍ਰੀ ਗੇਜਾ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ, ਸਫਾਈ ਸੇਵਕਾਂ ਦਾ ਨਿਸ਼ਾਨ ਹੈ, ਜਿਸ ਵਿਰੁੱਧ ਵਾਲਮੀਕ ਸਭਾ ਨੇ ਸੁਪਰੀਮ ਕੋਰਟ ਅਤੇ ਚੋਣ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਇਸ ਦੌਰਾਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਸਚਦੇਵਾ, ਮੀਤ ਪ੍ਰਧਾਨ ਸਤਪਾਲ ਪਾਲੀ, ਐਸ.ਡੀ.ਐਮ. ਸਮਾਣਾ ਸਵਾਤੀ ਟਿਵਾਣਾ, ਤਹਿਸੀਲਦਾਰ ਗੁਰਲੀਨ ਕੌਰ, ਕਾਰਜ ਸਾਧਕ ਅਫ਼ਸਰ ਰਜੇਸ਼ ਸ਼ਰਮਾ ਨਾਲ ਮੀਟਿੰਗ ਕੀਤੀ।
ਚੇਅਰਮੈਨ ਸ੍ਰੀ ਵਾਲਮੀਕੀ ਨੇ ਇਸ ਮੌਕੇ ਸਫ਼ਾਈ ਕਾਮਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ‘ਤੇ ਖੇਡ ਕੇ ਸੇਵਾ ਕਰਨ ਵਾਲੇ ਸਫ਼ਾਈ ਕਾਮਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਜਿਹੜੇ ਕਾਮੇ ਆਪਣੀਆਂ ਜਾਨਾਂ ਗਵਾ ਚੁੱਕੇ ਹਨ, ਦੇ ਰੁਕੇ ਹੋਏ ਭੱਤੇ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਅਤੇ ਹੋਰ ਕਾਮਿਆਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਜਾਣ। ਸੈਂਟਰਲ ਵਾਲਮੀਕ ਸਭਾ ਇੰਡੀਆ ਵੱਲੋਂ ਸੂਬਾ ਪ੍ਰਧਾਨ ਸਰਪੰਚ ਦਰਸ਼ਨ ਸਿੰਘ ਮੈਣ ਨੇ ਸ੍ਰੀ ਗੇਜਾ ਰਾਮ ਵਾਲਮੀਕੀ ਦਾ ਧਨਵਾਦ ਕੀਤਾ।
ਇਸ ਮੌਕੇ ਜਸਪਾਲ ਸਿੰਘ ਖੁਸਰੋਪੁਰ, ਬਾਬਾ ਬਲਵੀਰ ਸਿੰਘ ਖੁਸਰੋਪੁਰ, ਗੁਰਧਿਆਨ ਸਿੰਘ ਮੈਣ, ਭੁਪਿੰਦਰ ਸਿੰਘ ਭਿੰਦੀ ਮੈਣ, ਕੌਂਸਲਰ ਮੰਗਤ ਮਵੀ, ਟਿੰਕਾ ਗਾਜੇਵਾਸ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਮੌਜੂਦ ਸਨ। ਇਸ ਦੌਰਾਨ ਸੈਂਟਰਲ ਵਾਲਮੀਕ ਸਭਾ ਇੰਡੀਆ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ।