ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ  24 ਤੋਂ

ਹੁਸ਼ਿਆਰਪੁਰ, 21 ਜੂਨ 2024 :  ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 24 ਜੂਨ, 2024 ਤੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ- ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆ ਲਈ ਹੋਵੇਗੀ।

ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 24 ਜੂਨ 2024 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵੱਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 9872277136 ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

About The Author

error: Content is protected !!