ਪੰਜਾਬ ਸਰਕਾਰ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਅੱਜ
– ਡੀ.ਆਈ.ਜੀ ਜਲੰਧਰ ਰੇਂਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਹੁਸ਼ਿਆਰਪੁਰ, 21 ਜੂਨ 2024 : ਪੰਜਾਬ ਸਰਕਾਰ ਵਲੋਂ ਭਲਕੇ 22 ਜੂਨ 2024 ਨੂੰ ਭਗਤੀ ਲਹਿਰ ਦੇ ਮੋਢੀ ਭਗਤ ਕਬੀਰ ਜੀ ਦੇ 626ਵੇਂ ਪ੍ਰਕਾਸ਼ ਪੁਰਬ ਨੂੰ ਹੁਸ਼ਿਆਰਪੁਰ ਵਿਖੇ ਬਤੌਰ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਕਰਨਗੇ। ਡੀ.ਆਈ.ਜੀ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਨਾਲ ਜੈਮਜ਼ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 10:30 ਵਜੇ ਸਕੂਲ ਦੇ ਆਡੀਟੋਰੀਅਮ ਵਿਚ ਹੋਣ ਵਾਲੇ ਇਸ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਸਟੇਜ, ਬੈਠਣ, ਸਾਫ਼-ਸਫ਼ਾਈ, ਮੈਡੀਕਲ ਟੀਮ, ਰਿਫਰੈਸ਼ਮੈਂਟ, ਫਾਇਰ ਟੈਂਡਰ, ਨਿਰਵਿਘਨ ਬਿਜਲੀ ਸਪਲਾਈ, ਰਿਕਵਰੀ ਵੈਨ, ਟੈਂਪਰੇਰੀ ਵਾਸ਼ਰੂਮਾਂ ਅਤੇ ਹੋਰਨਾਂ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।ਡੀ.ਆਈ.ਜੀ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਇਸ ਦੌਰਾਨ ਸਮਾਗਮ ਮੌਕੇ ਸੁਰੱਖਿਆ, ਬੈਰੀਕੇਡਿੰਗ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਪੁਲਿਸ ਅਧਿਕਾਰੀਆਂ ਨੂੰ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।