‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

0

-ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

-ਨਸ਼ੇ ਦੀ ਦਲਦਲ ‘ਚ ਫਸੇ ਨੌਜਵਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰ ‘ਚ ਕੀਤਾ ਜਾ ਰਿਹੈ ਮੁਫ਼ਤ ਇਲਾਜ : ਡਿਪਟੀ ਕਮਿਸ਼ਨਰ

-ਹੁਸ਼ਿਆਰਪੁਰ ਪੁਲਿਸ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ : ਐਸ.ਐਸ.ਪੀ

ਹੁਸ਼ਿਆਰਪੁਰ, 29 ਜੂਨ 2024 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਥੀਮ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਪੁਲਿਸ ਲਾਈਨ ਗਰਾਊਂਡ ਵਿਚ ਕੀਤਾ ਗਿਆ, ਜਿਸ ਵਿਚ ਫੁੱਟਬਾਲ, ਬਾਸਕਿਟਬਾਲ ਅਤੇ ਕਬੱਡੀ ਦੀਆਂ 34 ਟੀਮਾਂ ਨੇ ਭਾਗ ਲਿਆ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰੰਮ ਸ਼ੰਕਰ ਜਿੰਪਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਐਸ.ਪੀ ਸੁਰੇਂਦਰ ਲਾਂਬਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਬ੍ਰੰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪਿੰਡ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਆਯੋਜਿਤ ਇਨ੍ਹਾਂ ਖੇਡ ਆਯੋਜਨਾਂ ਨਾਲ ਨੌਜਾਵਾਨਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਗਿਆ ਹੈ ਅਤੇ ਜੋ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਗਿਆ , ਉਹ ਕਦੇ ਵੀ ਨਸ਼ੇ ਵੱਲ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਿਹਾ ਹੈ, ਪਰੰਤੂ ਪ੍ਰਸ਼ਾਸਨ ਵੀ ਤਾਂ ਹੀ ਕਾਮਯਾਬ ਹੋ ਸਕਦਾ ਹੈ, ਜਦ ਲੋਕਾਂ ਦਾ ਪੂਰਾ ਸਹਿਯੋਗ ਮਿਲੇ। ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਤਾਂ ਜੋ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਸੀਂ ਸਾਰੇ ਮੁੱਖ ਮੰਤਰੀ ਪੰਜਾਬ ਦੇ  ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਮਿਲ ਕੇ ਸਾਕਾਰ ਕਰਾਂਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੀ ਪੂਰਨ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਜ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਾ ਛੱਡਣ ਤੋਂ ਬਾਅਦ ਇਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਨਸ਼ੇ ਦੇ ਪੂਰਨ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਥਾਣਾ ਪੱਧਰ ‘ਤੇ ਨਸ਼ੇ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ 6 ਰੋਜ਼ਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਤਹਿਤ ਥਾਣਾ ਪੱਧਰ ‘ਤੇ ਪਿੰਡ ਤੋਂ ਲੈ ਕੇ ਬਲਾਕ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਹੁਣ ਜ਼ਿਲ੍ਹਾ ਪੱਧਰ ‘ਤੇ ਫੁੱਟਬਾਲ, ਬਾਸਕਿਟਬਾਲ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਟਰਾਫੀਆਂ, ਸਰਟੀਫਿਕੇਟ ਦੇ ਨਾਲ-ਨਾਲ ਨਕਦ ਇਨਾਮ ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਵੀ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਬਾਰੇ ਦੱਸਦਿਆਂ ਕਿਹਾ ਕਿ ਜੂਨ ਦੇ ਇਸ ਮਹੀਨੇ ਵਿਚ ਹੀ ਜ਼ਿਲ੍ਹਾ ਪੁਲਿਸ ਨੇ 68 ਐਫ.ਆਈ.ਆਰ ਦਰਜ ਕਰਕੇ 90 ਤੋਂ ਵੱਧ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਇਸ ਮੁਹਿੰਮ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਹ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪੁਲਿਸ ਨੂੰ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਇਸ ਕਾਰੋਬਾਰ ਵਿਚ ਜੁੜੇ ਲੋਕਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਐਸ.ਪੀ ਸਰਬਜੀਤ ਸਿੰਘ ਬਾਹੀਆ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਬਲਵਿੰਦਰ ਬਿੰਦੀ, ਦਰੁਪਨ ਸੈਣੀ, ਵਰਿੰਦਰ ਸ਼ਰਮਾ ਬਿੱਟੂ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed