ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦੀ ਸ਼ਲਾਘਾ
– ਪੰਜਾਬ ਵਿੱਚ ਹਰਿਆਲੀ ਵਧਾਉਣਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ : ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ
– ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ
– ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਰੋਜ਼ ਗਾਰਡਨ ਲੁਧਿਆਣਾ ਤੋਂ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਕੀਤੀ ਗਈ
ਲੁਧਿਆਣਾ, 12 ਜੁਲਾਈ 2024 : ਪੰਜਾਬ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਉੱਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ਉੱਤੇ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ। ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਵੱਲੋਂ ਅੱਜ ਇੱਕ ਪੌਦਾ ਲਗਾਇਆ ਗਿਆ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ ਵੀ ਮੌਜੂਦ ਸਨ।
ਮੁੱਖ ਸਕੱਤਰ ਪੰਜਾਬ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਬੂਟੇ ਲਗਾ ਕੇ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ।
ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਸਨ। ਜਿਸ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਵੱਖ-ਵੱਖ 21 ਥਾਵਾਂ ‘ਤੇ 22,300 ਬੂਟੇ ਲਗਾਏ ਗਏ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਖੰਨਾ, ਸਾਹਨੇਵਾਲ, ਮਲੌਦ, ਸਮਰਾਲਾ, ਮਾਛੀਵਾੜਾ, ਮੁੱਲਾਂਪੁਰ ਦਾਖਾ, ਰਾਏਕੋਟ, ਜਗਰਾਉਂ, ਪਾਇਲ ਅਤੇ ਦੋਰਾਹਾ ਨਗਰ ਕੌਂਸਲਾਂ ਦੇ ਏਰੀਏ ਵਿੱਚ 1270 ਬੂਟੇ ਲਗਾਏ ਗਏ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗਾਲਿਬ ਕਲਾਂ, ਸਿੱਧਵਾਂ ਬੇਟ, ਖਾਸੀ ਕਲਾਂ ਅਤੇ ਲਤਾਲਾ ਪਿੰਡਾਂ ਵਿੱਚ 1.10 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵੱਲੋਂ ਰਾਹੋਂ ਰੋਡ ‘ਤੇ ਪਿੰਡ ਗਹਿਲੇਵਾਲ ਵਿਖੇ ਆਪਣੀ ਜ਼ਮੀਨ ‘ਤੇ 200 ਦੇ ਕਰੀਬ ਬੂਟੇ ਲਗਾਏ ਗਏ। ਉਹਨਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾਉਣ ਦੀ ਚਲਾਈ ਗਈ ਇਹ ਵਿਸ਼ਾਲ ਮੁਹਿੰਮ ਦੀ ਸ਼ਲਾਘਾ ਵੀ ਕੀਤੀ।
ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਵਿੱਚ ਹਰਿਆਲੀ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਜੰਗਲਾਤ ਰਕਬੇ ਦੇ ਤੇਜ਼ੀ ਨਾਲ ਘਟਣ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਧ ਤੋਂ ਵੱਧ ਪੌਦੇ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ ਭਰਿਆ ਸਥਾਨ ਪ੍ਰਦਾਨ ਕਰਨ ਦੀ ਮਹੱਤਤਾ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਸਾਂਭ-ਸੰਭਾਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਮੁੱਖ ਸਕੱਤਰ ਪੰਜਾਬ ਨੇ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਵੀ ਸਹਾਈ ਹੁੰਦੇ ਹਨ। ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ। ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।