ਕੈਬਨਿਟ ਮੰਤਰੀ ਜਿੰਪਾ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਦਾ ਦਿੱਤਾ ਸੱਦਾ

0

– ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ

– ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

–  ਮੇਲੇ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀਬਾੜੀ ਤਕਨੀਕਾਂ ਸਬੰਧੀ  ਕਰਵਾਇਆ ਜਾਣੂ

ਹੁਸ਼ਿਆਰਪੁਰ, 13 ਜੁਲਾਈ 2024 : ਖੇਤੀਬਾੜੀ ਵਿਭਾਗ ਹੁਸ਼ਿਆਰਪੁਰ ਵੱਲੋਂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਖੇਤੀ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਨਤਮ ਖੇਤੀਬਾੜੀ ਤਕਨੀਕਾਂ ਸਬੰਧੀ ਜਾਣੂ ਕਰਵਾਇਆ।

ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ ਅਤੇ ਮੁੱਖ ਮਹਿਮਾਨ ਵਜੋਂ ਮੇਲੇ ਵਿਚ ਸ਼ਿਰਕਤ ਕੀਤਾ। ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੀ ਮੇਲੇ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਸੰਬੋਧਨ ਵਿਚ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ  ਅੱਗ ਨਾ ਲਗਾਉਣ, ਤਾਂ ਜੋ ਵਾਤਾਵਰਨ ਦੂਸ਼ਿਤ ਹੋਣ ਤੋਂ ਬਚ ਸਕੇ। ਉਨ੍ਹਾਂ ਕੁਦਰਤੀ ਸੋਮਿਆਂ ਨੂੰ ਬਚਾਉਣ ਦਾ ਵੀ ਸੱਦਾ ਦਿੱਤਾ।

ਉਨ੍ਹਾਂ ਮੇਲੇ ਵਿਚ ਹਾਜ਼ਰ ਵੱਖ-ਵੱਖ ਵਿਭਾਗਾਂ ਨੂੰ ਕਿਸਾਨਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੀ ਗੱਲ ਆਖੀ। ਉਨ੍ਹਾਂ ਵਿਭਾਗਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ ‘ਤੇ ਜ਼ੋਰ ਦਿੱਤਾ ਅਤੇ ਕਿਸਾਨਾਂ ਨੂੰ ਵੀ ਵਿਭਾਗਾਂ ਨਾਲ ਤਾਲਮੇਲ ਕਰਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਇਨ੍ਹਾਂ ਸਕੀਮਾਂ ਦਾ ਭਰਪੂਰ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਸਬੰਧੀ ਆਪਣੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਨੂੰ ਬਚਾਉਣ ਅਤੇ ਮਾਹਿਰਾਂ ਵੱਲੋਂ ਸੁਝਾਈਆਂ ਗਈਆਂ ਤਕਨੀਕਾਂ ਨੂੰ ਖੇਤੀ ਵਿਚ ਅਪਣਾ ਕੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਕਿਸਾਨ ਮੇਲਿਆਂ ਨੂੰ ਖੇਤੀ ਸਬੰਧੀ ਭਰਪੂਰ ਜਾਣਕਾਰੀ ਦਾ ਸੋਮਾ ਦੱਸਦਿਆਂ ਕਿਹਾ ਕਿ ਇਨ੍ਹਾਂ ਮੇਲਿਆਂ ਵਿਚ ਜਿਥੇ ਨਵੀਆਂ ਤਕਨੀਕਾਂ ਬਾਰੇ ਕਿਸਾਨ ਜਾਣੂ ਹੁੰਦੇ ਹਨ, ਉਸ ਦੇ ਨਾਲ ਹੀ ਕਿਸਾਨਾਂ ਦੇ ਤਜ਼ਰਬਿਆਂ ਤੋਂ ਖੇਤੀ ਵਿਚ ਨਵੀਂ ਖੋਜ ਨੂੰ ਕਰਨ ਸਬੰਧੀ ਸੇਧ ਵੀ ਮਿਲਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਯੋਗ ਪ੍ਰਬੰਧਨ ਦੀ ਅਪੀਲ ਕੀਤੀ।

ਕੈਂਪ ਨੂੰ ਸੰਬੋਧਨ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਯੋਗ ਪ੍ਰਬੰਧਨ ਕਰਨ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁਹੱਈਆ ਕਰਵਾਈ ਗਈਆਂ ਖੇਤੀ ਮਸ਼ੀਨਾਂ ਦਾ ਪੂਰਾ ਲਾਭ ਉਠਾਉਣ ਅਤੇ ਕਿਸਾਨ ਭੂਮੀ ਪਰਖ ਦੇ ਆਧਾਰ ‘ਤੇ ਪ੍ਰਾਪਤ ਕੀਤੇ ਭੋਂ ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਖੇਤੀ ਰਸਾਇਣ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਵਿਭਾਗ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾ ਰਹੇ ਮੱਕੀ ਦੇ ਬੀਜ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਸਾਉਣੀ ਦੀ ਮੱਕੀ ਦੇ ਬੀਜ ਅਤੇ ਇੰਨਪੁਟਸ ਦੇ ਖ਼ਰੀਦ ਬਿੱਲ ਬਲਾਕ ਦਫ਼ਤਰ ਵਿਖੇ ਜਾ ਕੇ ਪੋਰਟਲ ‘ਤੇ ਆਨਲਾਈਨ 25 ਜੁਲਾਈ, 2024 ਤੱਕ ਭਰ ਸਕਦੇ ਹਨ ਅਤੇ ਸਕੀਮ ਦਾ ਲਾਭ ਲੈ ਸਕਦੇ ਹਨ।

ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਅਤੇ ਉਨ੍ਹਾਂ ਦੀ ਟੀਮ ਦੇ ਮਾਹਰਾਂ ਵਲੋਂ ਕਿਸਾਨਾਂ ਨੂੰ ਪਸ਼ੂ ਪਾਲਣ, ਪਰਾਲੀ ਦੀ ਸਾਂਭ-ਸੰਭਾਲ, ਸਬਜ਼ੀਆਂ ਦੀ ਕਾਸ਼ਤ, ਉਨੱਤ ਬੀਜ ਅਤੇ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਐਗਰੋਫੋਰੈਸਟਰੀ ਅਧੀਨ ਖੇਤੀ ਆਦਿ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ,  ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ,  ਜ਼ਿਲ੍ਹਾ ਸਿਖਲਾਈ ਅਫ਼ਸਰ ਸੁਰਿੰਦਰ ਸਿੰਘ ਸੋਢੀ,  ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਸਵਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ/ ਕਰਮਚਾਰੀ, ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲਿਅਤ ਕੀਤੀ। ਕੈਂਪ ਵਿਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ, ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲ ਵੀ ਲਗਾਏ ਗਏ।

About The Author

Leave a Reply

Your email address will not be published. Required fields are marked *

error: Content is protected !!