‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਟਾਂਡਾ ਦੇ ਪਿੰਡ ਮੂਨਕ ਖੁਰਦ ਵਿਖੇ ਲਗਾਇਆ ਗਿਆ ਸ਼ਿਕਾਇਤ ਨਿਵਾਰਨ ਕੈਂਪ

0
 – ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
 – ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੁਣੀਆਂ ਸਮੱਸਿਆਵਾਂ
 ਟਾਂਡਾ/ਹੁਸ਼ਿਆਰਪੁਰ, 17 ਜੁਲਾਈ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੀ ਸਬ-ਡਵੀਜ਼ਨ ਟਾਂਡਾ ਦੇ ਪਿੰਡ ਮੂਨਕ ਖੁਰਦ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੇ 6 ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਡੀ.ਐਮ. ਟਾਂਡਾ ਵਿਓਮ ਭਾਰਦਵਾਜ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਕੈਂਪ ਦੌਰਾਨ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਵਿਧਾਇਕ ਉੜਮੁੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਹੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਤਾਂ ਜੋ ਥੋੜ੍ਹੇ ਸਮੇਂ ਵਿੱਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ, ਬਿਜਲੀ, ਜੰਗਲਾਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖਾਸਤ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੁੰਦਾ, ਉਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ।
ਇਸ ਸਬੰਧੀ ਸਬੰਧਤ ਐਸ.ਡੀ.ਐਮ ਵੱਲੋਂ ਸ਼ਿਕਾਇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿਓ ਅਤੇ ਰਲ ਮਿਲ ਕੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦ ਕਰੋ।
ਇਸ ਮੌਕੇ ‘ਤੇ ਡੀ.ਐਸ.ਪੀ ਹਰਜੀਤ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਅਤਵਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਇਕਬਾਲ ਸਿੰਘ ਸਾਬੀ, ਦਵਿੰਦਰ ਸਿੰਘ ਮੂਨਕ, ਨਿਰਮਲ ਸਿੰਘ ਕੁਰਾਲਾ, ਗੁਰਮੀਤ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ ਖਾਲਸਾ, ਪ੍ਰਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *