ਕੈਬਨਿਟ ਮੰਤਰੀ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
– 500 ਤੋਂ ਵੱਧ ਸ਼ਿਕਾਇਤਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 20 ਜੁਲਾਈ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਮੀ ਨਹੀਂ ਛੱਡ ਰਹੀ ਅਤੇ ਹਰ ਯੋਗ ਲਾਭਪਾਤਰੀਆਂ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿਖੇ 500 ਤੋਂ ਵੱਧ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ਼, ਮਾਈਨਿੰਗ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੇਤੀ, ਟਰਾਂਸਪੋਰਟ, ਸਹਿਕਾਰੀ ਸਭਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਹੁਣ ਲੋਕਾਂ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਦੇ ਸੇਵਾਵਾਂ ਮਿਲ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਵਧੇਰੇ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ’ਆਪ ਦੀ ਸਰਕਾਰ ਆਪ ਦੇ ਦੁਆਰ ’ ਅਭਿਆਨ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਖ-ਵੱਖ ਯੋਜਨਾਵਾਂ ’ਤੇ ਕੰਮ ਕਰਕੇ ਲੋਕਾਂ ਤੱਕ ਸਿਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਕਿਸੇ ਸਰਕਾਰੀ ਦਫ਼ਤਰ ਵਿਚ ਦਿੱਕਤ ਆਉਂਦੀ ਹੈ, ਤਾਂ ਉਹ ਬਿਨਾ ਝਿੱਜਕ ਸੰਪਰਕ ਕਰੇ। ਇਸ ਦੌਰਾਨ ਉਨ੍ਹਾਂ ਨਾਲ ਡੀ.ਐਸ.ਪੀ ਅਮਰਨਾਥ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।