ਸ਼ਿਕਾਇਤ ਨਿਵਾਰਣ ਕੈਂਪਾਂ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਤੇ ਪਹੁੰਚਯੋਗ ਬਣਾਉਣਾ : ਡਿਪਟੀ ਕਮਿਸ਼ਨਰ

0

-‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਮੁਕੇਰੀਆਂ ਦੇ ਭੰਗਾਲਾ ‘ਚ ਲਗਾਇਆ ਗਿਆ ਸ਼ਿਕਾਇਤ ਨਿਵਾਰਣ ਕੈਂਪ

ਮੁਕੇਰੀਆਂ/ਹੁਸ਼ਿਆਰਪੁਰ, 24 ਜੁਲਾਈ 2024 : ਪੰਜਾਬ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪ ਮੰਡਲ ਮੁਕੇਰੀਆਂ ਦੇ ਭੰਗਾਲਾ ਕਮਿਊਨਿਟੀ ਹਾਲ ਵਿਚ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪਹੁੰਚ ਕੇ ਜਿਥੇ ਕੈਂਪ ਦਾ ਜਾਇਜ਼ਾ ਲਿਆ, ਉਥੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਇਸ ਮੌਕੇ ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਡੀ.ਐਸ.ਪੀ ਵਿਪਨ ਕੁਮਾਰ, ਤਹਿਸੀਲਦਾਰ, ਬੀ.ਡੀ.ਪੀ.ਓ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਹ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੂਰੇ ਸੂਬੇ ਵਿਚ ਲੱਗ ਰਹੇ ਹਨ, ਜਿਸ ਦੇ ਤਹਿਤ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕੈਂਪ ਵਿਚ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਧਿਆਨਪੂਰਵਕ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ ਅਤੇ ਪਹੁੰਚਯੋਗ ਬਣਾਉਣਾ ਹੈ, ਤਾਂ ਜੋ ਆਮ ਜਨਤਾ ਨੂੰ ਆਪਣੇ ਅਧਿਕਾਰਾਂ ਅਤੇ ਸੇਵਾਵਾਂ ਦਾ ਲਾਭ ਅਸਾਨੀ ਨਾਲ ਮਿਲ ਸਕੇ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਪ੍ਰਕਾਰ ਦੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਸੰਭਵ ਹੁੰਦਾ ਹੈ।

ਕੋਮਲ ਮਿੱਤਲ ਨੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਪ੍ਰਕਾਰ ਦੇ ਕੈਂਪ ਆਯੋਜਿਤ ਕੀਤੇ ਜਾਣਗੇ, ਤਾਂ ਜੋ ਹਰੇਕ ਨਾਗਰਿਕ ਨੁੰ ਸਰਕਾਰ ਦੀਆਂ ਯੋਜਨਾਵਾਂ ਅਤੇ ਸੇਵਾਵਾਂ ਦਾ ਪੂਰਾ ਲਾਭ ਮਿਲ ਸਕੇ। ਇਹ ਕੈਂਪ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਲੋਕਾਂ ਨੇ ਆਸ ਜਤਾਈ ਕਿ ਇਸ ਤਰ੍ਹਾਂ ਦੇ ਹੋਰ ਵੀ ਕੈਂਪ ਭਵਿੱਖ ਵਿਚ ਆਯੋਜਿਤ ਕੀਤਾ ਜਾਣਗੇ, ਜਿਸ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੋਰ ਆਸਾਨੀ ਨਾਲ ਹੱਲ ਕੀਤਾ ਜਾ ਸਕੇ।

ਕੈਂਪ ਵਿਚ ਵੱਖ-ਵੱਖ ਵਿਭਾਗਾਂ ਨੇ ਆਪਣੇ-ਆਪਣੇ ਸਟਾਲ ਲਗਾਏ, ਜਿਨ੍ਹਾਂ ਵਿਚ ਸਿਹਤ ਵਿਭਾਗ, ਸਿੱਖਿਆ, ਖੇਤੀਬਾੜੀ, ਬਿਜਲੀ, ਪਾਣੀ ਆਦਿ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵੱਲੋਂ ਮਹੱਤਵਪੂਰਨ ਸੇਵਾਵਾਂ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ। ਲੋਕਾਂ ਨੇ ਸਿਹਤ ਜਾਂਚ, ਖੇਤੀਬਾੜੀ ਨਾਲ ਸਬੰਧਤ ਸਲਾਹ, ਸਿੱਖਿਆ ਨਾਲ ਜੁੜੇ ਪੱਖ ਅਤੇ ਬਿਜਲੀ ਅਤੇ ਪਾਣੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਆਪਣੀ ਸਮੱਸਿਆ ਰੱਖੀ। ਸਬੰਧਤ ਅਧਿਕਾਰੀਆਂ ਨੇ ਮੌਕੇ ‘ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਯਤਨ ਕੀਤਾ ਅਤੇ ਲੰਬਿਤ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦਾ ਭਰੋਸਾ ਦਿੱਤਾ।

ਇਸ ਪ੍ਰੋਗਰਾਮ ਵਿਚ ਭਾਰੀ ਗਿਣਤੀ ਵਿਚ ਸਥਾਨਕ ਲੋਕ ਹਾਜ਼ਰ ਰਹੇ, ਜਿਨ੍ਹਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ। ਲੋਕਾਂ ਨੇ ਪ੍ਰਸ਼ਾਸਨ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਨਾ ਕੇਵਲ ਉਨ੍ਹਾਂ ਦੀਆ ਸਮੱਸਿਆਵਾਂ ਦੂਰ ਹੋ ਰਹੀਆਂ ਹਨ, ਬਲਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਵੀ ਮਿਲ ਰਹੀ ਹੈ।

About The Author

Leave a Reply

Your email address will not be published. Required fields are marked *