ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
– ਅੰਮ੍ਰਿਤਸਰ ਤੇ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਵੀ ਸਮੀਖਿਆ
– ਸੀ.ਐਮ.ਵਿੰਡੋ ਰਾਹੀਂ ਸਰਕਾਰੀ ਦਫ਼ਤਰਾਂ ਵਿੱਚੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਜਲਦ ਨਿਪਟਾਰਾ
ਜਲੰਧਰ, 25 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ।
ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖਿੱਤੇ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਝਾ ਅਤੇ ਦੁਆਬਾ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸੁਣੀ ਜਾਵੇ ਅਤੇ ਜਦੋਂ ਤੱਕ ਦਫ਼ਤਰ ਪਹੁੰਚੇ ਹਰੇਕ ਵਿਅਕਤੀ ਦੀ ਸੁਣਵਾਈ ਨਹੀਂ ਹੁੰਦੀ, ਉਦੋਂ ਤੱਕ ਦਫ਼ਤਰ ਨਾ ਛੱਡਿਆ ਜਾਵੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਆਮ ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਦੇ ਫੌਰੀ ਨਿਪਟਾਰੇ ਲਈ ਇਕ ਹੋਰ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਜ਼ਿਲ੍ਹਾ ਪੱਧਰ ’ਤੇ ਸੀ.ਐਮ.ਵਿੰਡੋ ਸਥਾਪਤ ਕੀਤੀ ਜਾ ਰਹੀ ਹੈ, ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਹਲਕੇ ਦੇ ਵਿਧਾਇਕ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰ ਲਿਆ ਜਾਵੇਗੀ ਜਦਕਿ ਬਾਕੀ ਮਸਲੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੇ ਜਾਣਗੇ।
ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਜ਼ਿਲ੍ਹਿਆਂ ਦੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ।