ਮਿਆਰੀ ਸਿਹਤ ਸਹੂਲਤਾਂ: ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

0

– ਸਿਹਤ ਖੇਤਰ ਵਿੱਚ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਦੇ ਉਦੇਸ਼ ਤਹਿਤ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਮੌਜੂਦ
–  ਮਰੀਜ਼ਾਂ ਤੱਕ ਤੁਰੰਤ ਪਹੁੰਚ ਲਈ ਐਂਬੂਲੈਂਸਾਂ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੀ ਸਮਾਂ-ਸੀਮਾ ਨਿਰਧਾਰਤ
–  ਐਂਬੂਲੈਸਾਂ ਦੀ ਰੀਅਲ-ਟਾਈਮ ਟਰੈਕਿੰਗ ਨੂੰ ਯਕੀਨੀ ਬਣਾਇਆ: ਮੁੱਖ ਮੰਤਰੀ

ਚੰਡੀਗੜ੍ਹ, 28 ਜੁਲਾਈ 2024 : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।

ਇਹ ਐਂਬੂਲੈਂਸਾਂ ਸੜਕ ਸੁਰੱਖਿਆ ਫੋਰਸ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਈਆਂ ਜਾਣ। ਜ਼ਿਕਰਯੋਗ ਹੈ ਕਿ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਨ੍ਹਾਂ 58 ਹਾਈਟੈੱਕ ਐਂਬੂਲੈਂਸਾਂ ਵਿੱਚ ਸਿਹਤ ਸੰਭਾਲ ਲਈ ਜ਼ਰੂਰੀ ਦਵਾਈਆਂ ਅਤੇ ਅਤਿ ਆਧੁਨਿਕ ਉਪਕਰਨਾਂ ਦੀ ਸਹੂਲਤ ਉਪਲੱਬਧ ਹੋਵੇਗੀ। ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਮੁੱਢਲੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ ਤਾਂ ਜੋ ਸਮੇਂ ਸਿਰ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਦੱਸਣਯੋਗ ਹੈ ਕਿ ਇਹ ਐਂਬੂਲੈਂਸਾਂ ਸੂਬੇ ਵਿੱਚ ਮਾਨਵਤਾ ਦੀ ਸੇਵਾ ਲਈ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਮੌਜੂਦਾ ਵਰ੍ਹੇ ਵਿੱਚ ਇਨ੍ਹਾਂ ਐਂਬੂਲੈਂਸਾਂ ਰਾਹੀਂ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼, 28,540 ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਸਾਂ ਵਿੱਚ 80 ਬੱਚਿਆਂ ਦੇ ਸੁਰੱਖਿਅਤ ਜਣੇਪੇ ਵੀ ਹੋਏ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਪੀੜਤਾਂ ਵਾਸਤੇ ਐਂਬੂਲੈਂਸ ਸੇਵਾਵਾਂ ਯਕੀਨੀ ਬਣਾਉਣ ਲਈ 108 ਹੈਲਪਲਾਈਨ ਨਾਲ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀ ਹੈ।

About The Author

Leave a Reply

Your email address will not be published. Required fields are marked *