ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਾਂ : ਮੁੱਖ ਮੰਤਰੀ

0

– ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ

– ਸੁਨਾਮ ਦੀ ਇਤਿਹਾਸਕ ਧਰਤੀ ‘ਤੇ ਅਤਿ-ਆਧੁਨਿਕ ਸਟੇਡੀਅਮ ਅਤੇ ਬੱਸ ਅੱਡਾ ਬਣਾਉਣ ਦਾ ਐਲਾਨ

– ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਏ.ਆਈ. ਵਿੱਚ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰੇਗੀ

– ਆਪਣੇ ਹਿੱਤਾਂ ਦੀ ਪੂਰਤੀ ਲਈ ਸੂਬੇ ਦੀ ਅਣਦੇਖੀ ਲਈ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ।

ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਉਹ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਬਚਪਨ ਵਿੱਚ ਆਪਣੇ ਪਿਤਾ ਨਾਲ ਇੱਥੇ ਹਰ ਸਾਲ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦੇ ਇਸ ਮਿੱਠੇ ਫ਼ਲ ਨੂੰ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਆਜ਼ਾਦੀ ਸੰਘਰਸ਼ ਦਾ ਇੱਕ ਮਹਾਨ ਯੋਧਾ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਕੈਕਸਟਨ ਹਾਲ ਜਾਂਦੇ ਰਹੇ ਹਨ, ਜਿੱਥੇ ਸ਼ਹੀਦ ਊਧਮ ਸਿੰਘ ਨੇ ਲੱਖਾਂ ਭਾਰਤੀਆਂ ਦੀ ਤਰਫ਼ੋਂ ਬਦਲਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਗਰਾਮ ਦੌਰਾਨ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ‘ਤੇ ਮਾਣ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਅਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਬੇਮਿਸਾਲ ਬਹਾਦਰੀ ਅਤੇ ਅਥਾਹ ਹੌਸਲੇ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਚੇਤੇ ਕੀਤਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਆਪਣੀ ਗੱਲ ਰੱਖਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿਚ ਮਿਲੇ ਸਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ ਜਿਸ ਨਾਲ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਉਪਜਾਊ ਜ਼ਮੀਨ ਦੀ ਸਿੰਚਾਈ ਦੀ ਜ਼ਰੂਰਤ ਨੂੰ ਪੂਰਾ ਕੀਤਾ ਜਾਵੇਗਾ।

ਪਿਛਲੀਆਂ ਸਰਕਾਰਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਨਾਂ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਆਮ ਆਦਮੀ ਦੀ ਕਿਸਮਤ ਬਦਲਣ ਵਾਲੇ ਅਜਿਹੇ ਪ੍ਰਾਜੈਕਟਾਂ ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜਿਆਂ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਵੱਲੋਂ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫ਼ਤਵਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਵਾਤਾਵਰਨ ਦੇ ਪ੍ਰਦੂਸ਼ਣ ਪ੍ਰਤੀ ਕੋਈ ਚਿੰਤਾ ਨਹੀਂ ਪ੍ਰਗਟ ਕੀਤੀ ਕਿਉਂਕਿ ਦਰੱਖਤਾਂ, ਨਦੀਆਂ ਅਤੇ ਨਹਿਰਾਂ ਦੀ ਵੋਟ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜੇਕਰ ਦਰਖਤਾਂ, ਨਹਿਰਾਂ ਅਤੇ ਦਰਿਆਵਾਂ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੁੰਦਾ ਤਾਂ ਇਨ੍ਹਾਂ ਆਗੂਆਂ ਨੇ ਵੀ ਇਨ੍ਹਾਂ ਵੱਲ ਧਿਆਨ ਦਿੱਤਾ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਰੋਤਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਤਿੰਨਾਂ ਨੂੰ ਪਲੀਤ ਕਰਕੇ ਸਾਡੇ ਮਹਾਨ ਗੁਰੂਆਂ ਨਾਲ ਧ੍ਰੋਹ ਕਮਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਇਸ ਇਤਿਹਾਸਕ ਧਰਤੀ ‘ਤੇ ਅਤਿ ਆਧੁਨਿਕ ਸਟੇਡੀਅਮ ਅਤੇ ਬੱਸ ਸਟੈਂਡ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇ 19 ਖਿਡਾਰੀ ਪੈਰਿਸ ਓਲੰਪਿਕ ਲਈ ਭਾਰਤੀ ਦਲ ਦਾ ਹਿੱਸਾ ਬਣੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੂੰ ਇਸ ਮੈਗਾ ਈਵੈਂਟ ਦੀਆਂ ਤਿਆਰੀਆਂ ਲਈ ਵੀ ਪੈਸੇ ਦਿੱਤੇ ਗਏ ਹਨ ਅਤੇ ਤਮਗਾ ਜੇਤੂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਨਕਦ ਇਨਾਮ ਦਿੱਤੇ ਜਾਣਗੇ।

ਨੌਜਵਾਨਾਂ ਨੂੰ ਸ਼ਹੀਦ ਊਧਮ ਸਿੰਘ ਅਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੋਂ ਦੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਸ਼ਕਤੀਕਰਨ ਰਾਹੀਂ ਨੌਜਵਾਨਾਂ ਦੇ ਵਾਪਸ ਪੰਜਾਬ ਆਉਣ ਦੇ ਰੁਝਾਨ ਦੀ ਸ਼ੁਰੂਆਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ, ਜਿਸ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਉਪਰਾਲੇ ਲਈ ਪਹਿਲਾਂ ਹੀ ਉੱਘੇ ਪੰਜਾਬੀ ਇਤਿਹਾਸਕਾਰਾਂ, ਕਵੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬੀ ਭਾਸ਼ਾ ਵਿਕਾਸ ਦੀ ਗਤੀ ਵਿੱਚ ਪਿੱਛੇ ਨਾ ਰਹਿ ਜਾਵੇ।

About The Author

Leave a Reply

Your email address will not be published. Required fields are marked *

You may have missed