ਵਿਧਾਇਕ ਡਾ. ਰਵਜੋਤ ਨੇ ਸੁਣੀਆਂ ਸ਼ਾਮਚੁਰਾਸੀ ਦੇ ਲੋਕਾਂ ਦੀਆਂ ਸਮੱਸਿਆਵਾਂ
ਹੁਸ਼ਿਆਰਪੁਰ, 3 ਅਗਸਤ 2024 : ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕੰਮ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਪ੍ਰਧਾਨ ਅਨੀਸ਼ ਕੁਮਾਰ ਵੀ ਮੌਜੂਦ ਸਨ।
ਡਾ. ਰਵਜੋਤ ਸਿੰਘ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਉਨ੍ਹਾ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮੱਸਿਆਵਾਂ ਜੋ ਤੁਰੰਤ ਹੱਲ ਕੀਤੀਆਂ ਜਾ ਸਕਦੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਇਸ ਮੌਕੇ ਵੱਖ-ਵੱਖ ਸਮੱਸਿਆਵਾਂ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ, ਜਿਸ ਵਿਚ ਮੁੱਖ ਰੂਪ ਵਿਚ ਬਿਜਲੀ, ਪਾਣੀ, ਸੜਕਾਂ ਦੀ ਮੁਰੰਮਤ, ਸੇਵਾਵਾਂ ਵਿਚ ਸੁਧਾਰ ਅਤੇ ਸਿੱਖਿਆ ਨਾਲ ਜੁੜੇ ਮੁੱਦੇ ਸ਼ਾਮਿਲ ਸਨ। ਡਾ. ਰਵਜੋਤ ਸਿੰਘ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਜਲੀ ਦੀ ਸਪਲਾਈ ਵਿਚ ਕੋਈ ਵਿਘਨ ਨਾ ਪਵੇ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਸ ਨੂੰ ਜਲਦ ਹੱਲ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਕਮੀ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਹਲਕੇ ਦੇ ਲੋਕ ਇਸ ਮੌਲਿਕ ਸੁਵਿਧਾ ਤੋਂ ਵੰਚਿਤ ਨਾ ਰਹਿਣ।
ਸੜਕ ਨਿਰਮਾਣ ਅਤੇ ਮੁਰੰਮਤ ਨਾਲ ਸਬੰਧਤ ਸ਼ਿਕਾਇਤਾਂ ’ਤੇ ਡਾ. ਰਵਜੋਤ ਸਿੰਘ ਨੇ ਸਬੰਧਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲਦ ਤੋਂ ਜਲਦ ਜ਼ਰੂਰੀ ਕਾਰਵਾਈ ਕਰਨ ਅਤੇ ਸੜਕਾਂ ਦੀ ਮੁਰੰਮਤ ਨੂੰ ਪਹਿਲ ਦੇਣ, ਤਾਂ ਜੋ ਲੋਕਾਂ ਨੂੰ ਆਵਾਜਾਈ ਵਿਚ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸਿਹਤ ਸੇਵਾਵਾਂ ਦੇ ਮੁੱਦੇ ’ਤੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਹਸਪਤਾਲਾਂ ਵਿਚ ਸੁਵਿਧਾਵਾਂ ਨੂੰ ਹੋਰ ਬੇਹਤਰ ਬਣਾਉਣ ਲਈ ਠੋਸ ਕਦਮ ਉਠਾਉਣ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਰੱਖਣਗੇ ਅਤੇ ਉਨ੍ਹਾਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣਗੇ।