ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ
– ਪਿੰਡ ਸੂਲਰ ਦੀਆਂ ਆਊਟਰ ਕਾਲੋਨੀਆਂ ’ਚ ਸੀਵਰੇਜ ਸੁਵਿਧਾ ਮੁਹੱਈਆ ਕਰਵਾਉਣ ਲਈ ਕੰਮ ਸ਼ੁਰੂ ਕਰਵਾਇਆ
ਪਟਿਆਲਾ, 4 ਅਗਸਤ 2024 : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਮਾਈਨਿੰਗ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਥੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ, ਮਹਿਲਾਵਾਂ ਨੂੰ ਮੁਫਤ ਬੱਸ ਸਫਰ, ਮੁਹੱਲਾ ਕਲੀਨਿਕ, ‘ਆਪ’ ਕੀ ਸਰਕਾਰ ਆਪ ਦੇ ਦੁਆਰ ਦੇ ਤਹਿਤ ਜਨ ਸੁਵਿਧਾ ਕੈਂਪ ਲਾ ਕੇ ਲੋਕਾਂ ਦੇ ਦਰਵਾਜੇ ’ਤੇ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਚੇਤਨ ਸਿੰਘ ਜੌੜਾਮਾਜਰਾ ਇਥੇ ਪਟਿਆਲਾ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਸੂਲਰ ਦੀਆਂ ਆਊਟਰ ਕਾਲੋਨੀਆਂ ਵਿਚ ਸੀਵਰੇਜ ਪ੍ਰੋਜੈਕਟ ਸ਼ੁਰੂ ਕਰਵਾਉਣ ਤੋਂ ਬਾਅਦ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ 20 ਲੱਖ ਦੇ ਸੀਵਰੇਜ ਪ੍ਰੋਜੈਕਟ ਨੂੰ ਸ਼ੁਰੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਦੀ ਮੰਗ ’ਤੇ ਸੂਲਰ ਦੇ ਸਮਸ਼ਾਨਘਾਟ ’ਤੇ ਸਾਢੇ 3 ਲੱਖ ਰੁਪਏ ਦੀ ਲਾਗਤ ਨਾਲ ਸ਼ੈਡ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਸ਼ੁਰੂ ਹੋ ਜਾਵੇਗਾ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਰਕਾਰ ਮਿਲੀ ਹੈ, ਜਿਸ ਨੇ ਸਰਕਾਰ ਬਣਦੇ ਹੀ ਵਿਕਾਸ ਦੇ ਕਾਰਜ ਸ਼ੁਰੂ ਕਰ ਦਿੱਤੇ ਸਨ। ਹੁਣ ਤੱਕ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ ਅਤੇ ਨੌਕਰੀਆਂ ਦੇਣ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਪਾਸੇ ਕੇਂਦਰ ਸਰਕਾਰ ਦੇ ਅਦਾਰਿਆਂ ਵਿਚ ਲਗਾਤਾਰ ਪੇਪਰ ਲੀਕੇਜ ਦੀਆਂ ਘਟਨਾਵਾਂ ਹੋ ਰਹੀਆਂ ਹਨ ਜਦੋਂ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪਾਰਦਰਸ਼ੀ ਢੰਗ ਨਾਲ ਸਿਲੈਕਸ਼ਨਾਂ ਕਰ ਰਹੀ ਹੈ।
ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਸਾਲ ਵਿਚ ਕੰਮ ਸ਼ੁਰੂ ਕਰਦੀਆਂ ਸਨ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੂਬੇ ਦੇ ਲੋਕਾਂ ਵਲੋਂ ਦਿੱਤਾ ਗਿਆ ਹਰਾ ਪੈਨ ਲੋਕ ਹਿੱਤ ਵਿਚ ਵਰਤਣਾ ਸ਼ੁਰੂ ਕਰ ਦਿੱਤਾ ਸੀ ਜੋ ਕਿ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀ ਅਤੇ ਮੰਤਰੀ ਚੰਡੀਗੜ੍ਹ ਜਾਂ ਫਿਰ ਪੰਜ ਤਾਰਾ ਹੋਟਲਾਂ ਵਿਚ ਬੈਠ ਕੇ ਆਰਾਮ ਫਰਮਾਉਂਦੇ ਸਨ ਅਤੇ ਕਦੇ ਸਕੱਤਰੇਤ ਜਾਂ ਪਿੰਡ ਵਿਚ ਨਹੀਂ ਜਾਂਦੇ ਸਨ, ਜਿਸ ਕਰਕੇ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹੀ ਨਹੀਂ ਹੁੰਦੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਖੁੱਦ ਲੋਕਾਂ ਦੇ ਪਿੱਛੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਸਮੁੱਚੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਲੋਕ ਸੇਵਾ ਵਿਚ ਜੁਟੇ ਹੋਏ ਹਨ। ਹਰ ਵਿਧਾਇਕ ਅਤੇ ਮੰਤਰੀ ਆਪਣੇ ਹਲਕੇ ਵਿਚ ਜਾਂਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਬਾਦੀ ਵੱਧਣ ਕਾਰਨ ਸੂਲਰ ਦੇ ਆਲੇ ਦੁਆਲੇ ਕਈ ਕਾਲੋਨੀਆਂ ਬਣ ਗਈਆਂ ਸਨ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਨੂੰ ਸੀਵਰੇਜ ਦੀ ਸੁਵਿਧਾ ਮੁਹੱਈਆ ਨਹੀਂ ਕਰਵਾਈ।
ਹੁਣ ਪੰਜਾਬ ਸਰਕਾਰ ਨੇ ਲੋਕਾਂ ਦੀ ਮੰਗ ’ਤੇ ਸੀਵਰੇਜ ਪ੍ਰੋਜੈਕਟ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਤੋਂ ਬਾਅਦ ਵੀ ਵਿਕਾਸ ਕਾਰਜ ਜਾਰੀ ਰਹਿਣਗੇ। ਸੂਲਰ ਪਿੰਡ ਨੂੰ ਖੂਬਸੂਰਤ ਬਣਾਇਆ ਜਾਵੇਗਾ ਅਤੇ ਇਲਾਕੇ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਟਿਵਾਣਾ, ਹਰਮੇਸ਼ ਸਿੰਘ, ਸੁਖਵਿੰਦਰ ਸਿੰਘ, ਪਵਿੱਤਰ ਸਿੰਘ ਡਕਾਲਾ, ਬਿੰਦਰ ਸਿੰਘ, ਮਨਿੰਦਰ ਸੂਲਰ, ਗੁਰਦੀਪ ਸਿੰਘ ਵਿਰਕ, ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਜੋਨ ਸੂਲਰ, ਡਾ. ਦਵਿੰਦਰਪਾਲ ਸਿੰਘ ਲਸੋਈ, ਦਲਜੀਤ ਸਿੰਘ, ਵਰਮਾ ਜੀ, ਪ੍ਰਕਾਸ਼ ਮਸੀਹ, ਲਾਡੀ ਡਰੌਲੀ, ਜਤਿੰਦਰ ਸਿੰਘ ਬਠੋਈ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।