ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ- ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ

0

– ਕਿਹਾ, ਪਿੰਡ ਦੀ ਸਮੱਸਿਆ ਲਈ ਲੋਕਾਂ ਨੂੰ ਦਫ਼ਤਰ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ, ਅਧਿਕਾਰੀ ਪਿੰਡਾਂ ‘ਚ ਆਕੇ ਹੱਲ ਕਰ ਰਹੇ ਨੇ ਸਮੱਸਿਆਵਾਂ

– ਪਿੰਡ ਖੁਰਦ ਤੇ ਅਜਨੌਦਾ ਖੁਰਦ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਕੀਤਾ ਉਦਘਾਟਨ

ਪਟਿਆਲਾ, 24 ਅਗਸਤ 2024 : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ  ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਮੁਲਾਕਾਤ ਕੀਤੀ ਅਤੇ ਮੌਕੇ ‘ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰੀਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿਛਲੇ ਢਾਈ ਸਾਲਾਂ ਵਿੱਚ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਗਿਆ ਹੈ ਅਤੇ ਲਗਾਤਾਰ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਬੱਚਿਆਂ ਤੇ ਨੌਜਵਾਨਾਂ ਲਈ ਗਰਾਊਂਡ ਬਣਾਉਣ ਸਮੇਤ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਾਰੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡਾਂ ‘ਚ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਜਾਣ ਦਾ ਮੁੱਖ ਮਕਸਦ ਹੀ ਇਹ ਹੈ ਕਿ ਅਧਿਕਾਰੀ ਮੌਕੇ ‘ਤੇ ਹੀ ਫੈਸਲਾ ਲੈ ਕੇ ਕਾਰਵਾਈ ਅਰੰਭ ਸਕਣ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਧੰਗੇੜਾ, ਖੁਰਦ, ਪੇਧਨੀ, ਕਨਸੂਹਾ ਕਲਾਂ, ਅਜਨੌਦਾ ਕਲਾਂ, ਅਜਨੌਦਾ ਖੁਰਦ, ਕਿਸ਼ਨਗੜ੍ਹ ਅਤੇ ਸਿੰਭੜੋ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕੰਮਾਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਨਿਰਧਾਰਤ ਕੀਤੀ।

ਇਸ ਮੌਕੇ ਉਨ੍ਹਾਂ ਪਿੰਡ ਖੁਰਦ ਅਤੇ ਅਜਨੌਦਾ ਖੁਰਦ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਸੋਚ ਹੈ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ਼ ਸੁਥਰੇ ਬਣਾ ਕੇ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਠੋਸ ਕੂੜੇ ਲਈ ਲਗਾਏ ਗਏ ਇਹ ਪ੍ਰਾਜੈਕਟ ਜਿਥੇ ਰੋਜ਼ਗਾਰ ਪੈਦਾ ਕਰਨਗੇ ਉਥੇ ਹੀ ਤਿਆਰ ਖਾਦ ਨੂੰ ਵੇਚਕੇ ਆਮਦਨ ਵੀ ਪੈਦਾ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਤਰਲ ਕੂੜਾ ਪ੍ਰਬੰਧਨ ਲਈ ਵੀ ਇਸੇ ਤਰ੍ਹਾਂ ਦੇ ਛੋਟੇ ਪ੍ਰਾਜੈਕਟ ਲਗਾਉਣ ‘ਤੇ ਕੰਮ ਕੀਤਾ ਜਾ ਰਿਹਾ ਹੈ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਬੂਟੇ ਲਗਾਉਣ ‘ਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਪ੍ਰਦਾਨ ਕੀਤੀਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿਹਤ ਤੇ ਸਿੱਖਿਆ ਮੁੱਖ ਤਰਜੀਹ ਹੈ, ਜਿਸ ਤਹਿਤ ਸੂਬੇ ‘ਚ 842 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜਿਥੇ ਦੋ ਕਰੋੜ ਤੋਂ ਵੱਧ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਦਿਆਂ ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ. ਰੀਚਾ ਗੋਇਲ, ਐਡਵੋਕੇਟ ਰਾਹੁਣ ਸੈਣੀ, ਬੀ.ਡੀ.ਪੀ.ਓ ਬਲਜੀਤ ਸਿੰਘ ਸੋਹੀ, ਸੀਮਾ ਸੋਹਲ, ਜਗਦੀਪ ਸਿੰਘ ਧੰਗੇੜਾ, ਹਰਜੀਤ ਸਿੰਘ ਕੈਦੂਪੁਰ, ਗੁਰਮੀਤ ਖਰੋੜ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!