ਸਰਕਾਰ ਤੁਹਾਡੇ ਦੁਆਰ – ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਲੁਧਿਆਣਾ, 3 ਸਤੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ ‘ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਐਸ.ਡੀ.ਐਮ. ਦੀਪਕ ਭਾਟੀਆ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਉਨ੍ਹਾਂ ਭਲਾਈ ਸਕੀਮਾਂ ਦੇ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ।
ਡਿਪਟੀ ਕਮਿਸ਼ਨਰ ਸਾਹਨੀ ਨੇ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਰਾਜ ਸਰਕਾਰ ਦੇ ਯਤਨਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਅਜਿਹੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਡੈਸਕਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਤੱਕ ਪਹੁੰਚ ਕਰਨ ਵਾਲੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।