ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

0

ਹੁਸ਼ਿਆਰਪੁਰ, 9 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਨੌਕਰ ਰੱਖਣ ਵਾਲਿਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।

About The Author

Leave a Reply

Your email address will not be published. Required fields are marked *

You may have missed