ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੱਦੀ ਸੂਰਾ ਸਿੰਘ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

0

ਹੁਸ਼ਿਆਰਪੁਰ, 11 ਸਤੰਬਰ 2024 : ਪਿਛਲੇ ਸਾਲਾਂ ਦੀ ਤਰ੍ਹਾਂ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ ਦੇ ਆਯੋਜਨ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡ ਪੱਦੀ ਸੂਰਾ ਸਿੰਘ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੀ ਸ਼ੁਰੂਆਤ ਵਿੱਚ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਬਤ ਚਾਨਣਾ ਵੀ ਪਾਇਆ ਅਤੇ ਪਰਾਲੀ ਨੂੰ ਸੰਭਾਲਣ ਦੇ ਫਾਇਦੇ ਵੀ ਦੱਸੇ। ਉਹਨਾਂ ਇਸ ਗੱਲ ਤੋ ਜੋਰ ਦਿੱਤਾ ਕਿ ਕਿਸਾਨ ਆਪਣੇ ਇਲਾਕੇ ਅਤੇ ਜਮੀਨ ਅਨੁਸਾਰ ਵੱਖ-ਵੱਖ ਤਕਨੀਕਾਂ ਅਪਣਾ ਕੇ ਪਰਾਲੀ ਨੂੰ ਸੰਭਾਲਣ। ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਉਪਲਬੱਧ ਹਨ ਜੋ ਕਿ ਬਹੁਤ ਥੋੜੇ ਕਿਰਾਏ ‘ਤੇ ਮਸ਼ੀਨ ਲਿਜਾ ਕੇ ਕਿਸਾਨ ਪਰਾਲੀ ਨੂੰ ਸੰਭਾਲ ਸਕਦੇ ਹਨ।

ਇਸ ਮੌਕੇ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ – ਸੁਪਰ ਐਸ.ਐਮ.ਐਸ, ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਦੀ ਉੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ।ਉਨ੍ਹਾਂ ਨਵੀਂ ਤਕਨੀਕ, ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।

ਇਹ ਮਸ਼ੀਨ ਕੰਬਾਈਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਇਹ ਮਸ਼ੀਨ 700 ਤੋਂ 800 ਰੁਪਏ ਵਿੱਚ ਇੱਕ ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।

ਉਨ੍ਹਾਂ ਇੱਕ ਹੋਰ ਤਕਨੀਕ, ਸਮਾਰਟ ਸੀਡਰ, ਬਾਰੇ ਵੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਮਾਰਟ ਸੀਡਰ, ਹੈਪੀ ਸੀਡਰ ਤੇ ਸੁਪਰ ਸੀਡਰ ਦਾ ਸੁਮੇਲ ਹੈ।ਸਮਾਰਟ ਸੀਡਰ ਪਰਾਲੀ ਦੇ ਲਗਭਗ 15 ਤੋਂ 200 ਫੀਸਦੀ ਹਿੱਸੇ ਨੂੰ ਮਿੱਟੀ ਵਿੱਚ ਮਿਲਾਉਂਦਾ ਹੈ ਅਤੇ ਬੀਜ ਨੂੰ ਮਿੱਟੀ ਵਿੱਚ 1 ਇੰਚ ਤੱਕ ਅੰਦਰ ਛੱਡਦਾ ਹੈ, ਇਸ ਕਾਰਨ ਕਣਕ ਦੇ ਬੀਜ ਦੀ ਪਰਾਲੀ ਉੱਪਰ ਡਿੱਗਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ ਅਤੇ ਬੀਜ ਬਰਾਬਰ ਪੁੰਗਰਦਾ ਹੈ।ਸਮਾਰਟ ਸੀਡਰ ਮਸ਼ੀਨ ਇੱਕ ਘੰਟੇ ਵਿੱਚ ਇੱਕ ਏਕੜ ਜ਼ਮੀਨ ਵਿੱਚ ਕਣਕ ਦੀ ਬਿਜਾਈ 5.5 ਲੀਟਰ ਡੀਜ਼ਲ ਵਿੱਚ ਕਰ ਦਿੰਦਾ ਹੈ।
ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਡਾ. ਪਰਮਿੰਦਰ ਸਿੰਘ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਵੀ ਜਰੂਰੀ ਨੁਕਤੇ ਦੱਸੇ।

ਇਸ ਮੌਕੇ ਇਲਾਕੇ ਦੇ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਨਰਿੰਦਰ ਸਿੰਘ, ਮੇਜਰ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਰਣਦੀਪ ਸਿੰਘ ਮੌਜੂਦ ਸਨ ਅਤੇ ਉਨ੍ਹਾਂ ਨੇ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਅਤੇ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਖਦਸ਼ਿਆਂ ਬਾਬਤ ਵਿਚਾਰ–ਚਰਚਾ ਵੀ ਕੀਤੀ।

ਕਿਸਾਨਾਂ ਦੀ ਸਹੂਲਤ ਲਈ ਤੋਰਿਆ, ਸਰਦੀ ਦੀਆਂ ਸਬਜੀਆਂ ਦੀਆਂ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿੱਤ ਵੀ ਉਪਲਬੱਧ ਕਰਵਾਇਆ ਗਿਆ।

About The Author

Leave a Reply

Your email address will not be published. Required fields are marked *

error: Content is protected !!