ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ

0

– ਪ੍ਰਭਾਵਸ਼ਾਲੀ ਜਾਗਰੂਕਤਾ ਗਤੀਵਿਧੀਆਂ ਲਈ 2 ਅਕਤੂਬਰ ਨੂੰ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

– ਆਮ ਲੋਕਾਂ ਨੂੰ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (9779100200) ਬਾਰੇ ਵੀ ਜਾਣੂੰ ਕਰਵਾਇਆ ਜਾਵੇ

ਲੁਧਿਆਣਾ, 12 ਸਤੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਬੱਚਤ ਭਵਨ ਵਿੱਚ ਹੋਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਟੀਚੇ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਦਾ ਪੰਦਰਵਾੜਾ ਕੈਲੰਡਰ ਤਿਆਰ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕਰਨ ਦਾ ਸੁਝਾਅ ਦਿੱਤਾ। ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕਤਾ ਫੈਲਾਉਣ ਵਾਲੇ ਸਕੂਲਾਂ, ਕਾਲਜਾਂ ਅਤੇ ਨੋਡਲ ਅਫ਼ਸਰਾਂ ਨੂੰ 2 ਅਕਤੂਬਰ ਨੂੰ ਮਾਨਤਾ ਦਿੱਤੀ ਜਾਵੇਗੀ ਅਤੇ ਸਨਮਾਨਿਤ ਕੀਤਾ ਜਾਵੇਗਾ।

ਮੇਜਰ ਸਰੀਨ ਨੇ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਆਪਣੇ ਦਫਤਰ ਨਾਲ ਸਾਂਝਾ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਇਲਾਜ ਦੇ ਵਿਕਲਪਾਂ (ਓਟ ਸੈਂਟਰਾਂ), ਮੁੜ ਵਸੇਬਾ ਕੇਂਦਰਾਂ ਅਤੇ ਨਸ਼ਿਆਂ ਵਿਰੁੱਧ ਕਾਨੂੰਨ ਲਾਗੂ ਕਰਨ ਵਾਲੀਆਂ ਕਾਰਵਾਈਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਨ੍ਹਾਂ ਗਤੀਵਿਧੀਆਂ ਵਿੱਚ ਸਿਹਤ ਅਤੇ ਪੁਲਿਸ ਅਧਿਕਾਰੀਆਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕਰਨਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰੀ ਸਕੂਲਾਂ ਦੇ 50 ਵਿਦਿਆਰਥੀਆਂ ਲਈ ਦਫ਼ਤਰ ਡੀ.ਬੀ.ਈ.ਈ., ਪ੍ਰਤਾਪ ਚੌਂਕ ਦੇ ਦੌਰੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਨੂੰ ਆਈ-ਐਸਪਾਇਰ ਅਤੇ ਫਿਊਚਰ ਟਾਈਕੂਨ ਪ੍ਰੋਗਰਾਮਾਂ ਵਿੱਚ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਨਾ ਵੇਚੀਆਂ ਜਾਣ ਅਤੇ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਨਾ ਵੇਚੇ ਜਾਣ।

ਮੇਜਰ ਸਰੀਨ ਨੇ ਹਾਜ਼ਰੀਨ ਨੂੰ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਇੱਕ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (9779100200) ਲਾਂਚ ਕੀਤਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਚੈਨਲਾਂ ਰਾਹੀਂ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ।

About The Author

Leave a Reply

Your email address will not be published. Required fields are marked *

error: Content is protected !!