ਮਾਰਕੀਟਿੰਗ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ
ਮਾਨਸਾ, 17 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਜਿਸ ਦਾ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਭਰਪੂਰ ਲਾਹਾ ਲੈ ਰਹੇ ਹਨ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ 18 ਸਤੰਬਰ ਨੂੰ ‘ਪ੍ਰੇਰਾ ਇੰਡਸਟਰੀ ਪ੍ਰਾਈਵੇਟ ਲਿਮਟਡ’ (Prera Industry Pvt. Ltd.) ਵੱਲੋਂ ਮਾਨਸਾ, ਸਰਦੂਲਗੜ੍ਹ, ਬੋਹਾ, ਭੀਖੀ, ਮੌੜ, ਭੁੱਚੋ, ਜਾਖਲ, ਸੁਨਾਮ, ਮੂਨਕ, ਸੰਗਰੂਰ, ਲਹਿਰਾ, ਜੋਗਾ ਅਤੇ ਬਰਨਾਲਾ ਏਰੀਆ ਵਿੱਚ ‘ਮਾਰਕੀਟਿੰਗ ਐਗਜ਼ੀਕਿਊਟਿਵ’ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ। ਕੈਂਪ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ, ਉੁਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਘੱਟੋ ਘੱਟ ਵਿੱਦਿਅਕ ਯੋਗਤਾ ਬਾਰ੍ਹਵੀਂ ਪਾਸ ਅਤੇ ਉਮਰ ਹੱਦ ਘੱਟੋ ਘੱਟ 20 ਸਾਲ ਵਾਲੇ ਪ੍ਰਾਰਥੀ ਇਸ ਪਲੇਸਮੈਂਟ ਦੌਰਾਨ ਰੱਖੀ ਇੰਟਰਵਿਊ ਵਿਚ ਸ਼ਾਮਿਲ ਹੋ ਸਕਦੇ ਹਨ।
ਸ੍ਰ. ਰਵਿੰਦਰ ਸਿੰਘ ਨੇ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (Resume) ਲੈ ਕੇ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12 ਹਜ਼ਾਰ ਤੋਂ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 97795-63947 ’ਤੇ ਸੰਪਰਕ ਕੀਤਾ ਜਾ ਸਕਦਾ ਹੈ।