ਗੰਨੇ ਦਾ ਭਾਅ ਵਧਾ ਕੇ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਦਿੱਲ ਜਿੱਤਿਆ : ਵਿਧਾਇਕ ਬਾਜਵਾ
ਬਟਾਲਾ, 26 ਅਗਸਤ 2021 : ਪੰਜਾਬ ਸਰਕਾਰ ਵੱਲੋਂ ਗੰਨੇ ਦੀ ਫਸਲ ਦੇ ਭਾਅ ਵਿੱਚ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇ ਕੇ ਇੱਕ ਵਾਰ ਫਿਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਸਾਬਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਲੋਂ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਕਿਸਾਨ ਅਤੇ ਲੋਕ ਪੱਖੀ ਫੈਸਲੇ ਕਰਕੇ ਲੋਕਾਂ ਦੇ ਦਿਲ ਜਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜਿਨਸ ਦਾ ਪੂਰਾ ਭਾਅ ਦਿਵਾਉਣ ਲਈ ਸੁਹਿਰਦ ਯਤਨ ਕੀਤੇ ਹਨ।
ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ’ਤੇ ਸੂਬੇ ਦੇ ਸਮੂਹ ਕਿਸਾਨ ਖੁਸ਼ ਹਨ ਅਤੇ ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਗੰਨੇ ਹੇਠ ਰਕਬਾ ਵੀ ਵਧੇਗਾ ਜੋ ਫਸਲੀ ਵਿਭਿੰਨਤਾ ਲਈ ਅਹਿਮ ਕਦਮ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਹੈ। ਇਸਤੋਂ ਇਲਾਵਾ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਮੁਫ਼ਤ ਬਿਜਲੀ ਸਪਲਾਈ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਖੇਤੀਬਾੜੀ ਲਈ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਨੇਕ ਨੀਤੀ ਨੂੰ ਦਰਸਾਉਂਦਾ ਹੈ।
ਵਿਧਾਇਕ ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਦੇ ਰਾਹੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਪਿਛਲੇ 1 ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਮੰਗ ਕਰ ਰਹੇ ਹਨ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਹ ਜਾਇਜ ਮੰਗ ਮੰਨਣ ਦੀ ਬਜਾਏ ਤਾਨਾਸ਼ਾਹੀ ਰਵੱਈਆ ਅਖਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਰਾਜਾਂ ਵਿੱਚ ਲੋਕ ਹੀ ਸਭ ਤੋਂ ਉੱਪਰ ਹੁੰਦੇ ਹਨ ਅਤੇ ਲੋਕਾਂ ਦੀ ਰਾਇ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।
ਸ. ਬਾਜਵਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤਾਂ ਦੇਸ਼ ਦੇ ਅੰਨਦਾਤੇ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਜੋ ਏਨੀਆਂ ਚਣੌਤੀਆਂ ਦੇ ਬਾਵਜੂਦ ਵੀ ਦੇਸ਼ ਦਾ ਅੰਨ ਭੰਡਾਰ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਹੱਠ-ਧਰਮੀ ਨੂੰ ਛੱਡਦੇ ਹੋਏ ਬਿਨ੍ਹਾਂ ਹੋਰ ਸਮਾਂ ਗਵਾਏ ਤੁਰੰਤ ਪ੍ਰਭਾਵ ਨਾਲ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ, ਇਸੇ ਵਿੱਚ ਹੀ ਦੇਸ਼ ਅਤੇ ਕਿਸਾਨੀ ਦੀ ਭਲਾਈ ਹੈ।