ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

0

– ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

– ਮੀਟਿੰਗ ਵਿੱਚ ਰਾਈਸ ਮਿੱਲਰਾਂ ਦੇ ਨੁਮਾਇੰਦੇ ਵੀ ਹੋਏ ਸ਼ਾਮਲ

– ਮੁੱਖ ਮੰਤਰੀ ਨੇ ਕੇਂਦਰੀ ਸਿਵਲ ਸਪਲਾਈ ਮੰਤਰੀ ਕੋਲ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ

– ਪ੍ਰਹਿਲਾਦ ਜੋਸ਼ੀ ਵੱਲੋਂ ਮੁੱਖ ਮੰਤਰੀ ਨੂੰ ਇਸ ਮੁੱਦੇ ਦੇ ਜਲਦ ਹੱਲ ਦਾ ਭਰੋਸਾ

– ਸੂਬਾ ਸਰਕਾਰ ਅਨਾਜ ਦੀ ਖਰੀਦ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ

– ਭਾਰਤ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ

ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤਰੁੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ।

ਇਸ ਦੌਰਾਨ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਇਸ ਮੁੱਦੇ ਬਾਰੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਮਾਮਲੇ ਨੂੰ ਸੁਲਝਾਉਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਲਈ ਕਿਹਾ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚਾਵਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਹੋ ਸਕੇ।

ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਭੰਡਾਰਨ ਲਈ ਥਾਂ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਐਫ.ਸੀ.ਆਈ. ਕੋਲ ਖਾਸ ਤੌਰ ‘ਤੇ ਮਈ ਤੋਂ ਲੈ ਕੇ ਹੁਣ ਤੱਕ ਜਗ੍ਹਾ ਦੀ ਕਾਫ਼ੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਸੂਬੇ ਦੇ ਚੌਲ ਮਿੱਲਰਾਂ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਡਿਲਿਵਰੀ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਕਰਨ ਵਿੱਚ ਰੁਕਾਵਟ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਚੌਲ ਮਿੱਲਰਾਂ ਦਰਮਿਆਨ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਘਾਟ ਸਬੰਧੀ ਚਿੰਤਾ ਪੈਦਾ ਹੋ ਗਈ ਹੈ।

ਇਸ ਦੌਰਾਨ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ (ਇਕਤਾਲੀ ਹਜ਼ਾਰ ਤਿੰਨ ਸੌ ਓਨਤਾਲੀ ਕਰੋੜ 81 ਲੱਖ ਰੁਪਏ) ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ ਹੈ।

About The Author

Leave a Reply

Your email address will not be published. Required fields are marked *

You may have missed