ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਖੂਈਆ ਸਰਵਰ/ਫਾਜ਼ਿਲਕਾ 26 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ 25 ਸਤੰਬਰ ਦਿਨ ਬੁੱਧਵਾਰ ਨੂੰ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਪਰਵਿੰਦਰ ਸਿੰਘ ਧੰਜੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਦੇ ਹੋਏ ਪਰਾਲੀ ਨੂੰ ਬਿਨਾ ਸਾੜੇ ਖੇਤੀ ਸੰਦਾਂ ਦੀ ਵਰਤੋਂ ਨਾਲ ਖੇਤ ਵਿੱਚ ਹੀ ਰਲਾਉਣ ਜਾਂ ਬਾਗਾਂ ਵਿੱਚ ਮਲਚਿੰਗ ਕਰਨ ਅਤੇ ਵੱਖ ਵੱਖ ਖੇਤੀ ਸੰਦਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਡਾ. ਜਗਦੀਸ਼ ਅਰੋੜਾ ਤੋਂ ਇਲਾਵਾ ਬਲਾਕ ਖੂਈਆ ਸਰਵਰ ਦੇ ਸਟਾਫ਼ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।