ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

ਜ਼ਲਾਲਾਬਾਦ, 26 ਸਤੰਬਰ 2024 : ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਨਾਇਬ ਤਹਿਸੀਲਦਾਰ, ਕਲਸਟਰ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਬੈਠਕ ਦੌਰਾਨ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕੈਂਪਾ ਦੌਰਾਨ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਵਰਤੋਂ ਜਮੀਨ ਵਿਚ ਵਹਾ ਕੇ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਮਸ਼ੀਨਰੀ/ਸੰਦ ਵੀ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਕਿਸਾਨਾ ਨਾਲ ਰਾਬਤਾ ਕਾਇਮ ਕਰਨ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਇਸਦੀ ਸੁਯੋਗ ਢੰਗ ਨਾਲ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਾਤਾਵਰਣ ਦੀ ਸਾਂਭ-ਸੰਭਾਲ ਵਿਚ ਕਾਰਜਸ਼ੀਲ ਹੈ, ਇਸ ਲਈ ਵਾਤਾਵਰਣ ਨੂੰ ਬਚਾਉਣ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।