ਗ੍ਰਾਮ ਪੰਚਾਇਤ ਚੋਣਾਂ-2024 – ਪੰਚਾਇਤੀ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ-ਡੀ.ਸੀ. ਤੇ ਐਸ.ਐਸ.ਪੀ.
– ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਬੈਠਕ ਮੌਕੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ
– ਕਿਹਾ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ
ਪਟਿਆਲਾ, 27 ਸਤੰਬਰ 2024 : 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਸਮੇਤ ਸਮੂਹ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਇੱਕ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕਿਹਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ।
ਪੰਚਾਇਤੀ ਚੋਣਾਂ ਲਈ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇ। ਡਾ. ਪ੍ਰੀਤੀ ਯਾਦਵ ਅਤੇ ਡਾ. ਨਾਨਕ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਸਮੂਹ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ‘ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ।