ਗ੍ਰਾਮ ਪੰਚਾਇਤ ਚੋਣਾਂ-2024 – ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ-ਨਵਜੋਤ ਪਾਲ ਸਿੰਘ ਰੰਧਾਵਾ

– ਚੋਣ ਆਬਜ਼ਰਵਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 7 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਨਵਜੋਤ ਪਾਲ ਸਿੰਘ ਰੰਧਾਵਾ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਆਰ.ਟੀ.ਓ. ਨਮਨ ਮੜਕਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।