ਸੰਸਦ ਮੈਂਬਰ ਸੰਜੀਵ ਅਰੋੜਾ ਨੇ ਆਪਣੀ ਪਤਨੀ ਸੰਧਿਆ ਅਰੋੜਾ ਨਾਲ ਸ਼੍ਰੀ ਦੁਰਗਾ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ
ਲੁਧਿਆਣਾ, 11 ਅਕਤੂਬਰ 2024 : ਲੁਧਿਆਣਾ ਦੇ ਜਗਰਾਉਂ ਪੁਲ ਨੇੜੇ ਸਥਿਤ ਸ਼੍ਰੀ ਦੁਰਗਾ ਮਾਤਾ ਮੰਦਿਰ ਵਿਖੇ 3 ਤੋਂ 11 ਅਕਤੂਬਰ ਤੱਕ ਨਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੌਰਾਨ ਰੋਜ਼ਾਨਾ ਸਤਿਸੰਗ ਅਤੇ ਭਜਨ ਸੰਧਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵੀਰਵਾਰ ਸ਼ਾਮ ਨੂੰ ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਨੇ ਆਪਣੀ ਪਤਨੀ ਸੰਧਿਆ ਅਰੋੜਾ ਨਾਲ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਐਮਪੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਦੋਵਾਂ ਨੇ ਪ੍ਰਾਰਥਨਾਵਾਂ ਕੀਤੀਆਂ ਅਤੇ ਨਾ ਸਿਰਫ਼ ਆਪਣੇ ਲਈ ਬਲਕਿ ਸਮੁੱਚੇ ਬ੍ਰਹਿਮੰਡ ਅਤੇ ਦੁਖੀ ਮਨੁੱਖਤਾ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਨੇ ਆਰਤੀ ਕੀਤੀ ਅਤੇ ਭਜਨ ਸੰਧਿਆ ਵਿੱਚ ਭਾਗ ਲਿਆ।
ਆਪਣੇ ਸੰਖੇਪ ਸੰਬੋਧਨ ਦੌਰਾਨ ਸੰਸਦ ਮੈਂਬਰ ਅਰੋੜਾ ਨੇ ਮੰਦਰ ਦੀ ਸੁਚੱਜੀ ਸਾਂਭ-ਸੰਭਾਲ ਲਈ ਸ਼੍ਰੀ ਦੁਰਗਾ ਮਾਤਾ ਮੰਦਰ ਟਰੱਸਟ ਦੇ ਪ੍ਰਬੰਧਕਾਂ ਅਤੇ ਸਮੂਹ ਟਰੱਸਟੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੁਝ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਅਤੇ ਉਹ ਭਵਿੱਖ ਵਿੱਚ ਇਨ੍ਹਾਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਉੱਘੇ ਉਦਯੋਗਪਤੀ ਕਮਲ ਓਸਵਾਲ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸੰਜੇ ਮਹਿੰਦਰੂ ਬੰਪੀ ਆਦਿ ਹਾਜ਼ਰ ਸਨ।
ਮੰਦਰ ਪ੍ਰਬੰਧਕਾਂ ਵੱਲੋਂ ਸੰਸਦ ਮੈਂਬਰ ਅਰੋੜਾ, ਉਨ੍ਹਾਂ ਦੀ ਪਤਨੀ ਅਤੇ ਕਮਲ ਓਸਵਾਲ ਅਤੇ ਹੋਰਨਾਂ ਦਾ ਸਨਮਾਨ ਕੀਤਾ ਗਿਆ। ਐਮਪੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੇ ਲੰਗਰ ਵੀ ਛਕਿਆ। ਇੱਥੇ ਦੱਸਣਾ ਜ਼ਰੂਰੀ ਹੈ ਕਿ ਸੰਸਦ ਮੈਂਬਰ ਸੰਜੀਵ ਅਰੋੜਾ ਉਦੋਂ ਵੀ ਇਸ ਮੰਦਰ ‘ਚ ਆਉਂਦੇ ਰਹੇ ਹਨ ਜਦੋਂ ਉਹ ਸੰਸਦ ਮੈਂਬਰ ਨਹੀਂ ਸਨ।