ਵਿਧਾਇਕਾਂ ਅਤੇ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
– ਡਿਪਟੀ ਕਮਿਸ਼ਨਰ ਨੇ ਵਿਧਾਇਕ ਜਸਵੀਰ ਸਿੰਘ ਦੀ ਮੌਜੂਦਗੀ ਵਿੱਚ ਟਾਂਡਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ
– ਕਿਹਾ, ਮੰਡੀਆਂ ਵਿੱਚ ਜਲਦ ਹੋਵੇਗੀ ਸੁਚਾਰੂ ਲਿਫਟਿੰਗ
ਟਾਂਡਾ/ਹੁਸ਼ਿਆਰਪੁਰ, 12 ਅਕਤੂਬਰ 2024 : ਅੱਜ ਜ਼ਿਲ੍ਹੇ ਦੇ ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ.ਜ਼ ਸਮੇਤ ਹੋਰ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ ਵਿੱਚ ਦਾਣਾ ਮੰਡੀ ਟਾਂਡਾ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਜਲਦ ਹੀ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚਾਲੂ ਕਰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਰੇ ਲਾਜ਼ਮੀ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਉਪਲਬਧਤਾ ਪਹਿਲਾਂ ਹੀ ਯਕੀਨੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਕ ਪੱਧਰ ’ਤੇ ਸ਼ੈੱਲਰਾਂ ਅਤੇ ਮਿਲਰਾਂ ਨਾਲ ਸਕਾਰਾਤਮਕ ਗੱਲਬਾਤ ਚੱਲ ਰਹੀ ਹੈ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ, ਇਸ ਲਈ ਕਿਸਾਨ ਬੇਫ਼ਿਕਰ ਹੋ ਕੇ ਆਪਣਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ।
ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 38,413 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 34,521 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਲਿਆਂਦੇ ਗਏ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਤੈਅ ਸਮੇਂ ਖਰੀਦ ਅਤੇ ਭੁਗਤਾਨ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲਿਫਟਿੰਗ ਅਤੇ ਭੁਗਤਾਨ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲਣਾ ਚਾਹੀਦਾ ਹੈ ਅਤੇ ਇਸ ਕਾਰਜ ਵਿੱਚ ਕੋਈ ਕੋਤਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਪ੍ਰਚੁਰਤਾ ਉਪਲਬਧ ਹੈ, ਜਿਸ ਨਾਲ ਮੌਸਮ ਦੌਰਾਨ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਨਹੀਂ ਆਵੇਗੀ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਿਸਾਨਾਂ ਲਈ ਵਧੀਆ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਝੋਨੇ ਦੀ ਖਰੀਦ ਸਮੇਂ ਸਿਰ ਕਰਨ ਲਈ ਮਜ਼ਬੂਤ ਪ੍ਰਬੰਧ ਕੀਤੇ ਜਾ ਰਹੇ ਹਨ।