ਫਾਜ਼ਿਲਕਾ ਪੁਲਿਸ ਵੱਲੋਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ

– ਚੋਣਾਂ ਦੌਰਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਨਿਰਭੈਅ ਹੋ ਕੇ ਕਰਨ ਲੋਕ – ਡਿਪਟੀ ਕਮਿਸ਼ਨਰ
– ਚੋਣਾਂ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ- ਐਸਐਸਪੀ ਵਰਿੰਦਰ ਸਿੰਘ ਬਰਾੜ*
ਫਾਜ਼ਿਲਕਾ, 13 ਅਕਤੂਬਰ 2024 : ਫਾਜ਼ਿਲਕਾ ਪੁਲਿਸ ਵੱਲੋਂ ਅੱਜ ਪੰਚਾਇਤ ਚੋਣਾਂ ਲਈ ਮਤਦਾਨ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਵਿੱਚ ਫਲੈਗ ਮਾਰਚ ਆਯੋਜਿਤ ਕੀਤੇ ਗਏ ਹਨ। ਸਬ ਡਵੀਜ਼ਨ ਫਾਜ਼ਿਲਕਾ ਵਿੱਚ ਫਲੈਗ ਮਾਰਚ ਦੀ ਅਗਵਾਈ ਮਾਨਯੋਗ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲਾ ਪੁਲਿਸ ਮੁਖੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਇਸ ਮਾਰਚ ਵਿੱਚ ਫਾਜ਼ਿਲਕਾ ਪੁਲਿਸ ਦੇ ਹੋਰ ਕਈ ਅਫਸਰਾਂ ਅਤੇ ਵੱਡੇ ਪੁਲਿਸ ਦਸਤਿਆਂ ਨੇ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਪ੍ਰੀਤ ਕੌਰ ਸੰਧੂ ਨੇ ਅੱਜ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਚਾਇਤ ਚੋਣਾਂ ਦਾ ਮਤਦਾਨ 15 ਅਕਤੂਬਰ ਨੂੰ ਹੋਣ ਜਾ ਰਿਹਾ ਹੈ, ਅਤੇ ਚੋਣਾਂ ਨੂੰ ਅਮਨ, ਅਮਾਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਕ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਗ਼ਲਤ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਸਾਰੇ ਸ਼ਰਾਰਤੀ ਅਨਸਰਾਂ ‘ਤੇ ਕੜੀ ਨਿਗਰਾਨੀ ਰੱਖਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਕਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿੱਚ ਪੁਲਿਸ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾਕਿ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋਵੇ ਅਤੇ ਉਹ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਕਰ ਸਕਣ। ਉਨ੍ਹਾਂ ਅਪੀਲ ਕੀਤੀ ਕਿ ਜਨਤਾ ਨੂੰ ਚੋਣਾਂ ਦੌਰਾਨ ਆਪਣੇ ਹੱਕਾਂ ਦੀ ਵਰਤੋਂ ਨਿਰਭੈਅ ਹੋ ਕੇ ਕਰਨੀ ਚਾਹੀਦੀ ਹੈ।




ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ, ਪੰਚਾਇਤ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਸਾਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਤੱਤ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਪੁਲਿਸ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ, ਐਸਐਸਪੀ ਨੇ ਕਿਹਾ ਕਿ ਉਹ ਪੇਸ਼ੇਵਰਾਨਾ ਤਰੀਕੇ ਨਾਲ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਯਕੀਨੀਕਰਨ ਕਰਵਾਉਣ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ।
ਇਸੇ ਤਰਾਂ ਸਬ ਡਵੀਜ਼ਨ ਜਲਾਲਾਬਾਦ ਵਿੱਚ ਫਲੈਗ ਮਾਰਚ ਦੀ ਅਗਵਾਈ ਐਸ.ਪੀ ਕਰਨਵੀਰ ਸਿੰਘ ਅਤੇ ਡੀ.ਐਸ.ਪੀ ਸ੍ਰੀ ਜਤਿੰਦਰ ਸਿੰਘ ਵੱਲੋ ਅਤੇ ਸਬ ਡਵੀਜ਼ਨ ਅਬੋਹਰ ਵਿੱਚ ਡੀ.ਐਸ.ਪੀ ਸ੍ਰੀ ਤੇਜਿੰਦਰਪਾਲ ਸਿੰਘ ਅਤੇ ਡੀ.ਐਸ.ਪੀ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢੇ ਗਏ। ਇਹਨਾਂ ਫਲੈਗ ਮਾਰਚ ਦੇ ਦੌਰਾਨ ਪੁਲਿਸ ਨੇ ਲੋਕਾਂ ਨੂੰ ਇਹ ਯਕੀਨ ਦਿਲਾਇਆ ਕਿ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਿਆਰੀ ਕੀਤੀ ਗਈ ਹੈ।