ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਮੰਡੀਆਂ ਦਾ ਦੌਰਾ, ਲਿਫਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਹੁਸ਼ਿਆਰਪੁਰ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਸਥਾਨਕ ਹੁਸ਼ਿਆਰਪੁਰ ਅਤੇ ਚੱਬੇਵਾਲ ਦੀ ਜਿਆਣ ਮੰਡੀਆ ਦਾ ਦੌਰਾ ਕਰਕੇ ਝੋਨੇ ਦੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਇਸ ਮੌਕੇ ਦੱਸਿਆ ਕਿ ਹੁਸ਼ਿਆਰਪੁਰ ਕਲੱਸਟਰ ਦੇ ਲਗਭਗ ਸਾਰੇ ਸ਼ੈਲਰ ਮਾਲਕਾਂ ਨਾਲ ਝੋਨੇ ਦੀ ਬਾਰੇ ਵਿਸਥਾਰ ਵਿਚ ਗੱਲਬਾਤ ਉਪਰੰਤ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਹੀਂ ਰਹੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਨਿਰਧਾਰਿਤ ਨਮੀ ਵਾਲਾ ਝੋਨਾ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਕਿਸਾਨ ਹਿਤੈਸ਼ੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਅਤੇ ਨਿਰਵਿਘਨ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਰਪਾਲਾਂ ਅਤੇ ਬਾਰਦਾਨੇ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ 22 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 129692 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 124432 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਵੱਲੋਂ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚ ਖਰੀਦਿਆ ਜਾਵੇਗਾ ਅਤੇ ਅਦਾਇਗੀ ਵੀ ਨਿਰਧਾਰਤ ਸਮੇਂ ਵਿੱਚ ਯਕੀਨੀ ਬਣਾਈ ਜਾਵੇਗੀ। ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਮਿਲਣੀ ਚਾਹੀਦੀ ਹੈ ਅਤੇ ਇਸ ਕੰਮ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।